ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਮਦਮਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਗੁਰੂ ਤੇਗ ਬਹਾਦਰ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ 50-50 ਲੱਖ ਗਰਾਂਟ ਦੇਵੇਗੀ ਸਰਕਾਰ: ਚੀਮਾ
ਨਗਰ ਕੀਰਤਨ ਦੌਰਾਨ ਨਤਮਸਤਕ ਹੁੰਦੇ ਹੋਏ ਕੈਬਨਿਟ ਮੰਤਰੀ ਅਤੇ ਸੰਗਤ।
Advertisement

ਜਗਜੀਤ ਸਿੰਘ ਸਿੱਧੂ

ਗੁਰੂ ਤੇਗ ਬਹਾਦਰ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਜਾਇਆ ਨਗਰ ਕੀਰਤਨ ਅੱਜ ਸ਼੍ਰੋਮਣੀ ਅਕਾਲੀ ਬੁੱਢਾ ਦਲ (ਨਿਹੰਗ ਸਿੰਘਾਂ) ਦੀ ਮੁੱਖ ਛਾਉਣੀ ਗੁਰਦੁਆਰਾ ਬੇਰ ਸਾਹਿਬ ਦੇਗਸਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਰਵਾਨਾ ਹੋਇਆ। ਨਗਰ ਕੀਰਤਨ ਰਵਾਨਾ ਹੋਣ ਮੌਕੇ ਅਰਦਾਸ ਬੁੱਢਾ ਦਲ ਦੇ ਬਾਬਾ ਸੁਖਵਿੰਦਰ ਸਿੰਘ ਮੋਰ ਨੇ ਕੀਤੀ। ਬੁੱਢਾ ਦਲ ਦੇ ਬਾਬਾ ਮੇਜਰ ਸਿੰਘ ਅਤੇ ਬਾਬਾ ਜੱਸਾ ਸਿੰਘ ਨੇ ਪੰਜ ਪਿਆਰਿਆਂ, ਨਿਸ਼ਾਨਚੀਆਂ ਤੇ ਕੈਬਨਿਟ ਮੰਤਰੀਆਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪੰਜਾਬ ਪੁਲੀਸ ਦੀ ਬੈਂਡ ਪਾਰਟੀ ਨੇ ਸਲਾਮੀ ਦਿੱਤੀ। ਇਸ ਦੌਰਾਨ ਇੱਥੇ ਸਰਕਾਰੀ ਤੰਤਰ ਵਧੇਰੇ ਅਤੇ ਸੰਗਤ ਘੱਟ ਦੇਖੀ ਗਈ। ਇਸ ਮੌਕੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਪ੍ਰੋ. ਬਲਜਿੰਦਰ ਕੌਰ ਨੇ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਸ੍ਰੀ ਅਰੋੜਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ। ਮੰਤਰੀ ਚੀਮਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਅੱਤਿਆਚਾਰ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ’ਚ ਡਟਣ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੀ ਚਰਨ ਛੋਹ ਪ੍ਰਾਪਤ ਪੰਜਾਬ ਦੇ ਸਾਰੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਦਿੱਤੀ ਜਾਵੇਗੀ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਮਨੁੱਖਤਾ ਤੇ ਧਰਮ ਦੀ ਰੱਖਿਆ ਲਈ ਸੀ। ਇੱਥੋਂ ਆਰੰਭ ਹੋਇਆ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪੁੱਜੇਗਾ।

Advertisement

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਫ਼ਰੀਦਕੋਟ ਤੋਂ ਰਵਾਨਾ

ਫ਼ਰੀਦਕੋਟ (ਕਮਲਜੀਤ ਕੌਰ): ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਜਾਇਆ ਨਗਰ ਕੀਰਤਨ ਇੱਥੋਂ ਦੇ ਇਤਿਹਾਸਕ ਕਿਲਾ ਮੁਬਾਰਕ ਤੋਂ ਅੱਜ ਸਵੇਰੇ ਰਵਾਨਾ ਕੀਤਾ ਗਿਆ। ਇਸ ਵਿੱਚ ਫ਼ਰੀਦਕੋਟ ਦਾ ਸ਼ਾਹੀ ਪਰਿਵਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਇਆ। ਇਹ ਨਗਰ ਕੀਰਤਨ ਫ਼ਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪੁੱਜੇਗਾ। ਇਸ ਮੌਕੇ ਨਤਮਸਤਕ ਹੋਏ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਨਗਰ ਕੀਰਤਨ ਨੂੰ ਅਗਲੇ ਸਫ਼ਰ ਲਈ ਰਵਾਨਾ ਕੀਤਾ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਰਵਾਨਾ ਹੋਏ ਨਗਰ ਕੀਰਤਨ ਦੌਰਾਨ ਪੰਜਾਬ ਪੁਲੀਸ ਦੀ ਟੁਕੜੀ ਨੇ ਸਤਿਕਾਰ ਤੇ ਸਨਮਾਨ ਵਜੋਂ ਸਲਾਮੀ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ, ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਮਹਾਂਰਾਵਲ ਖੇਵਾ ਜੀ ਟਰੱਸਟ ਦੇ ਕਾਰਜਕਾਰੀ ਅਧਿਕਾਰੀ ਜਾਗੀਰ ਸਿੰਘ ਸਰਾਂ ਨੇ ਕਿਹਾ ਕਿ ਨਗਰ ਕੀਰਤਨ ਨੂੰ ਰਵਾਨਾ ਕਰਨ ਤੋਂ ਪਹਿਲਾਂ ਕਿਲਾ ਮੁਬਾਰਕ ਵਿੱਚ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਦੇ ਇਤਿਹਾਸਕ ਤਪ ਅਸਥਾਨ ’ਤੇ ਅਖੰਡ ਪਾਠ ਕਰਵਾਏ ਗਏ ਸਨ ਅਤੇ ਪੰਜ ਦਹਾਕਿਆਂ ਬਾਅਦ ਕਿਲਾ ਮੁਬਾਰਕ ਨੂੰ ਆਮ ਲੋਕਾਂ ਲਈ ਖੋਲ੍ਹਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿਲੇ ਵਿੱਚੋਂ 70 ਸਾਲਾਂ ਬਾਅਦ ਨਗਰ ਕੀਰਤਨ ਰਵਾਨਾ ਕਰ ਕੇ ਸ਼ਹਿਰ ਦੀ ਪੁਰਾਣੀ ਰਵਾਇਤ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਆਸਤ ਸਮੇਂ ਗੁਰੂ ਨਾਨਕ ਦੇਵ ਅਤੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਇੱਥੋਂ ਨਗਰ ਕੀਰਤਨ ਰਵਾਨਾ ਕੀਤੇ ਜਾਂਦੇ ਸਨ। ਇਸ ਵਿੱਚ ਪੰਜਾਬ ਭਰ ਦੇ ਲੋਕ ਸ਼ਾਮਲ ਹੁੰਦੇ ਸਨ। ਇਸ ਨਗਰ ਕੀਰਤਨ ਵਿੱਚ ਪੰਜਾਬ ਭਰ ਤੋਂ ਪੁੱਜੇ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਫ਼ਰੀਦਕੋਟ ਤੋਂ ਆਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਦੇ ਨਾਲ ਨਾਲ ਚੱਲੇਗੀ।

Advertisement
Show comments