ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ
ਬੀ ਐੱਸ ਚਾਨਾ
ਬੁੱਢਾ ਦਲ ਦੇ ਜਥੇਦਾਰ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਖ਼ਾਲਸਾ ਪੰਥ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ।
ਇਸ ਮੌਕੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਬੁੱਢਾ ਦਲ ਅਤੇ ਸਥਾਨਕ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਕਥਾਵਾਚਕ ਭਾਈ ਸੁਖਜੀਤ ਸਿੰਘ ਕਨ੍ਹੱਈਆ ਨੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਉਪਰੰਤ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਜ ’ਚ ਸਾਡੇ ਸਨਮੁੱਖ ਕਈ ਵੱਡੀਆਂ ਚੁਣੌਤੀਆਂ ਹਨ ਜਿਨ੍ਹਾਂ ਦਾ ਹੱਲ ਸਿਰਫ਼ ਗੁਰੂ ਦੇ ਲੜ ਲੱਗ ਕੇ ਹੀ ਹੋ ਸਕਦਾ ਹੈ। ਉਨ੍ਹਾਂ ਸਮੁੱਚੀ ਨੌਜਵਾਨ ਪੀੜ੍ਹੀ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਅਤੇ ਬਾਣੀ ਤੇ ਬਾਣੇ ਵਿੱਚ ਪ੍ਰਪੱਕ ਹੋਣ ਲਈ ਪ੍ਰੇਰਿਆ। ਸਕੱਤਰ ਸ੍ਰੀ ਬੇਦੀ ਨੇ ਦੱਸਿਆ ਕਿ ਇਸ ਅਲੌਕਿਕ ਨਗਰ ਕੀਰਤਨ ਵਿੱਚ ਸਥਾਨਕ ਕਮੇਟੀਆਂ ਦੇ ਮੁਖੀ ਸਾਹਿਬਾਨ ਅਤੇ ਅਹੁਦੇਦਾਰ, ਸ਼ਹਿਰ ਦੀਆਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।