ਅਲਾਹਾਬਾਦ ਤੋਂ ਕਾਨਪੁਰ ਪੁੱਜਿਆ ਨਗਰ ਕੀਰਤਨ
ਜਗਤਾਰ ਸਿੰਘ ਲਾਂਬਾ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਵੱਖ-ਵੱਖ ਥਾਵਾਂ ’ਤੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ ਅਤੇ ਸਥਾਨਕ ਪ੍ਰਮੁੱਖ ਸ਼ਖ਼ਸੀਅਤਾਂ ਵੀ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਹਨ। ਬੀਤੀ ਰਾਤ ਨਗਰ ਕੀਰਤਨ ਦਾ ਅਲਾਹਾਬਾਦ ਪੁੱਜਣ ’ਤੇ ਮੈਂਬਰ ਪਾਰਲੀਮੈਂਟ ਪ੍ਰਵੀਨ ਪਟੇਲ, ਵਿਧਾਇਕ ਹਰਸ਼ਵਰਧਨ ਵਾਜਪਾਈ, ਮੇਅਰ ਉਮੇਸ਼ ਗਣੇਸ਼ ਕੇਸਰਵਾਨੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਅੱਜ ਉੱਤਰ ਪ੍ਰਦੇਸ਼ ਦੇ ਅਲਾਹਾਬਾਦ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨਪੁਰ ਲਈ ਰਵਾਨਾ ਹੋਇਆ ਅਤੇ ਸ਼ਾਮ ਨੂੰ ਕਾਨਪੁਰ ਪੁੱਜਾ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਦੱਸਿਆ। ਰਵਾਨਗੀ ਸਮੇਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਖੁਲਦਾਬਾਦ ਅਲਾਹਾਬਾਦ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕਾਨਪੁਰ ਪੁੱਜਾ। ਏਅਰ ਫੋਰਸ ਦੇ ਜਵਾਨਾਂ ਨੇ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਰਸਤੇ ਵਿਚ ਸੰਗਤ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨਪੁਰ ਵਿਖੇ ਰੁਕੇਗਾ, ਜਿਥੋਂ ਦੋ ਸਤੰਬਰ ਨੂੰ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ, ਯੂਪੀ ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਅਤੇ ਸਥਾਨਕ ਸਿੱਖ ਆਗੂ ਸਮੇਤ ਸੰਗਤ ਹਾਜ਼ਰ ਸਨ।