ਨਗਰ ਕੀਰਤਨ ਦਾ ਲੁਧਿਆਣਾ ਪੁੱਜਣ ’ਤੇ ਸਵਾਗਤ
ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਨਗਰ ਅੱਜ ਇਥੇ ਪੁੱਜਿਆ। ਸੰਗਤ ਨੇ ਗੁਰਦੁਆਰਾ ਸਬਜ਼ੀ ਮੰਡੀ ਦੇ ਬਾਹਰ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਗੁਰਦੁਆਰੇ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਨੂੰ ਜੀ ਆਇਆਂ ਕਿਹਾ। ਮਾਸਟਰ ਤਾਰਾ ਸਿੰਘ ਕਾਲਜ ਦੇ ਪ੍ਰਧਾਨ ਹੀਰਾ ਸਿੰਘ ਗਾਬੜ੍ਹੀਆ, ਪ੍ਰਿੰਸੀਪਲ ਕਿਰਨਦੀਪ ਕੌਰ ਅਤੇ ਸਮੂਹ ਸਟਾਫ ਦੀ ਅਗਵਾਈ ਹੇਠ ਵਿਦਿਆਰਥਣਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਦਾ ਸਵਾਗਤ ਕੀਤਾ। ਗੁਰਦੁਆਰੇ ਦੇ ਪ੍ਰਬੰਧਕਾਂ ਨੇ ਗਿਆਨੀ ਜਗਿੰਦਰ ਸਿੰਘ ਗ੍ਰੰਥੀ ਅੰਮ੍ਰਿਤਸਰ ਤੇ ਹੋਰ ਆਗੂਆਂ ਦਾ ਸਨਮਾਨ ਕੀਤਾ।
ਇਸੇ ਤਰ੍ਹਾਂ ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਬਾਹਰ ਪ੍ਰਧਾਨ ਗੁਰਮੀਤ ਸਿੰਘ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ, ਗੁਰਦੁਆਰਾ ਰਾਮਗੜ੍ਹੀਆ ਦੇ ਪ੍ਰਧਾਨ ਰਣਜੋਧ ਸਿੰਘ ਅਤੇ ਗੁਰਦੁਆਰਾ ਸ਼ਹੀਦ ਫੇਰੂਮਾਨ ਦੇ ਪ੍ਰਧਾਨ ਬਲਵਿੰਦਰ ਸਿੰਘ ਲਾਇਲਪੁਰੀ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਪ੍ਰਧਾਨ ਜਗਬੀਰ ਸਿੰਘ ਸੋਖੀ ਦੀ ਅਗਵਾਈ ਹੇਠ ਅਕਾਲੀ ਕਾਰਕੁਨਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਪ੍ਰਬੰਧਕਾਂ ਦਾ ਸਨਮਾਨ ਕੀਤਾ। ਇਸ ਮੌਕੇ ਸੰਗਤ ਲਈ ਲੰਗਰ ਵੀ ਲਗਾਏ ਗਏ।
ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਮੌ ਸਾਹਿਬ ਫਿਲੌਰ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ। ਗੁਰਦੁਆਰਾ ਮੌ ਸਾਹਿਬ ਫਿਲੌਰ ਵਿੱਚ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰਿਆਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪੇ ਦਿੱਤੇ। ਰਸਤੇ ਵਿੱਚ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਇੰਚਾਰਜ ਹਰਜਿੰਦਰ ਸਿੰਘ, ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਸੁਪਰਵਾਈਜ਼ਰ ਲਾਲ ਸਿੰਘ ਹਾਜ਼ਰ ਸਨ।
