ਰਵੇਲ ਸਿੰਘ ਭਿੰਡਰ
ਪਟਿਆਲਾ, 30 ਜੁਲਾਈ
ਪੰਜਾਬੀ ਯੂਨੀਵਰਸਿਟੀ ਦੇ ਵੀਸੀ ਦੇ ਆਨਰੇਰੀ ਸਲਾਹਕਾਰ ਵਜੋਂ ਨਿਯੁਕਤ ਹੋਏ ਸਾਬਕਾ ਆਈਏਐੱਸ ਅਧਿਕਾਰੀ ਮਨਜੀਤ ਸਿੰਘ ਨਾਰੰਗ ਨੇ ਆਪਣੇ ‘ਸਲਾਹਕਾਰ’ ਦੇ ਅਹੁਦੇ ਦੀਆਂ ਸੇਵਾਵਾਂ ਤੋਂ ਮੁਕਤ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਵੀਸੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਇਸ ਗੱਲੋਂ ਰੋਸ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਹਿਯੋਗ ਦੇਣ ਦੀ ਬਜਾਇ ਉਲਟਾ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ 24 ਜੁਲਾਈ ਨੂੰ ਮੇਲ ਰਾਹੀਂ ਭੇਜੀ ਆਪਣੀ ਹਾਜ਼ਰੀ ਰਿਪੋਰਟ ਵੀ ਵਾਪਸ ਲੈ ਲਈ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਪਹਿਲੀ ਜੁਲਾਈ ਨੂੰ ਸਾਬਕਾ ਆਈਏਐੱਸ ਅਧਿਕਾਰੀ ਸ੍ਰੀ ਨਾਰੰਗ ਨੂੰ ਬਤੌਰ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਦੂਜੇ ਬੰਨੇ ਅਧਿਆਪਕ ਲਾਬੀ ਤੇ ਕੁਝ ਮੁਲਾਜ਼ਮ ਧਿਰਾਂ ਵੱਲੋਂ ਉਨ੍ਹਾਂ ਦੀ ਨਿਯੁਕਤੀ ਦਾ ਜਿੱਥੇ ਵਿਰੋਧ ਕਰਨਾ ਆਰੰਭ ਕਰ ਦਿੱਤਾ ਗਿਆ ਸੀ, ਉੱਥੇ ਹੀ ਇਸ ਨਿਯੁਕਤੀ ਨੂੰ ਗੈਰ-ਕਾਨੂੰਨੀ ਵੀ ਐਲਾਨਿਆ ਜਾਣ ਲੱਗਿਆ ਸੀ।