ਗੁਰਧਾਮਾਂ ਦੀ ਵਾਪਸੀ ਲਈ ਇਕਜੁੱਟ ਹੋਵੇ ਕੌਮ: ਸੁਖਬੀਰ
ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ਦਾ ਪ੍ਰਬੰਧ ਖੁੱਸਣ ’ਤੇ ਜਤਾਈ ਚਿੰਤਾ; ਪਵਿੱਤਰ ਸ਼ਹਿਰ ਦੇ ਦਰਜੇ ਬਾਰੇ ਸਰਕਾਰੀ ਅੈਲਾਨ ’ਤੇ ਚੁੱਕੇ ਸਵਾਲ; ਜਥੇਦਾਰ ਦੀ ਬੇਅਦਬੀ ਕਰਨ ਵਾਲੇ ਕੌਮ ਦੇ ਦੁਸ਼ਮਣ ਕਰਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਝੰਡੇ ਹੇਠ ਇਕੱਠੀ ਹੋਵੇ ਤਾਂ ਜੋ ਕੇਂਦਰ ਅਤੇ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਹਥਿਆਏ ਗਏ ਸਿੱਖ ਸੰਸਥਾਵਾਂ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਮੁੜ ਹਾਸਲ ਕੀਤੇ ਜਾ ਸਕਣ। ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ ’ਚ ਸ੍ਰੀ ਬਾਦਲ ਨੇ ਕਿਹਾ ਕਿ ਜਦੋਂ ਤੱਕ ਕੌਮ ਇੱਕ ਝੰਡੇ ਹੇਠ ਇਕੱਠੀ ਨਹੀਂ ਹੁੰਦੀ, ਉਹ ਆਪਣੀਆਂ ਧਾਰਮਿਕ ਸੰਸਥਾਵਾਂ ਦੀ ਰਾਖੀ ਨਹੀਂ ਕਰ ਸਕਦੀ।
ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦਾ ਪ੍ਰਬੰਧ ਇਸ ਲਈ ਹੱਥੋਂ ਚਲਾ ਗਿਆ ਕਿਉਂਕਿ ਕੌਮ ਅਤੇ ਪਾਰਟੀ ਕਮਜ਼ੋਰ ਹੋ ਗਈ ਸੀ। ਇਸੇ ਤਰ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਹੱਦੋਂ ਵੱਧ ਦਖਲਅੰਦਾਜ਼ੀ ਕਾਰਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਬਾਰੇ ਸਿਰਫ਼ ਪ੍ਰਚਾਰ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਕਰੀਬ 15 ਸਾਲ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾ ਚੁੱਕਾ ਹੈ। ਇਸ ਲਈ ਮੌਜੂਦਾ ਸਰਕਾਰੀ ਐਲਾਨ ਸਿਰਫ਼ ਭਰਮ ਪੈਦਾ ਕਰਨ ਵਾਲੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਬੇਅਦਬੀ ਕੀਤੀ ਗਈ ਹੈ, ਜਿਹੜਾ ਵੀ ਵਿਅਕਤੀ ਜਥੇਦਾਰ ਦਾ ਸਨਮਾਨ ਨਹੀਂ ਕਰਦਾ, ਉਹ ਪੂਰੀ ਕੌਮ ਦਾ ਦੁਸ਼ਮਣ ਹੈ ਅਤੇ ਅਜਿਹੀ ਬੇਅਦਬੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘‘ਕੌਮ ਨੂੰ ਉਨ੍ਹਾਂ ਤਾਕਤਾਂ ਨੂੰ ਪਛਾਣਨ ਦੀ ਲੋੜ ਹੈ ਜੋ ਸਾਨੂੰ ਅੰਦਰੋਂ ਕਮਜ਼ੋਰ ਕਰ ਰਹੀਆਂ ਹਨ।’’ ਸਮਾਗਮ ਦੌਰਾਨ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਗੁਰੂ ਤੇਗ ਬਹਾਦਰ ਦੇ ਫਲਸਫੇ ਬਾਰੇ ਵਿਚਾਰ ਸਾਂਝੇ ਕੀਤੇ।

