12 ਸਾਲਾ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਦਾ ਕੌਮੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਦੇਣ ਦੇ ਹੁਕਮ
ਹੁਸ਼ਿਆਰਪੁਰ ਦੇ ਇੱਕ ਸਰਕਾਰੀ ਸਕੂਲ ਦੀ 12 ਸਾਲਾ ਵਿਦਿਆਰਥਣ ਨਾਲ ਸਕੂਲ ਦੇ ਹੈਡਮਾਸਟਰ ਵੱਲੋਂ ਕੀਤੇ ਕਥਿਤ ਜਬਰ-ਜਨਾਹ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
ਬੀਤੀ 11 ਅਗਸਤ ਨੂੰ 52 ਸਾਲਾ ਹੈਡਮਾਸਟਰ ਨੇ ਵਿਦਿਆਰਥਣ ਨਾਲ ਕਥਿਤ ਤੌਰ ਉੱਤੇ ਜ਼ੋਰ-ਜ਼ਬਰਦਸਤੀ ਕੀਤੀ ਸੀ। ਘਟਨਾ ਤੋਂ ਲਗਪਗ ਦੋ ਹਫ਼ਤੇ ਬਾਅਦ ਸ਼ਿਕਾਇਤ ਮਿਲਣ ’ਤੇ ਹੈਡਮਾਸਟਰ ਨੂੰ ਥਾਣਾ ਹਰਿਆਣਾ ਦੀ ਪੁਲੀਸ ਨੇ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਮੁਲਜ਼ਮ ਇਸ ਵੇਲੇ ਨਿਆਂਇਕ ਹਿਰਾਸਤ ਵਿੱਚ ਹੈ ਜਦੋਂਕਿ ਪੀੜਤਾ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ।
ਮਹਿਲਾ ਕਮਿਸ਼ਨ ਨੇ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਸਬੰਧਤ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਕਮਿਸ਼ਨ ਨੇ ਕਾਨੂੰਨੀ ਧਾਰਾਵਾਂ ਨੂੰ ਵੀ ਪੂਰੀ ਤਰ੍ਹਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਮੁਲਜ਼ਮ ਦੇ ਪਿਛੋਕੜ ਦੀ ਵੀ ਜਾਂਚ ਕਰਨ ਲਈ ਕਿਹਾ ਹੈ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਪਿਛਲੇ ਸਮੇਂ ਦੌਰਾਨ ਉਸ ਨੇ ਕਿਸੇ ਕਿਸਮ ਦੀ ਕੁਤਾਹੀ ਤਾਂ ਨਹੀਂ ਕੀਤੀ। ਇਸ ਦੇ ਨਾਲ ਹੀ ਕਮਿਸ਼ਨ ਨੇ ਪੀੜਤਾ ਲਈ ਵਿਸ਼ੇਸ਼ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਨੂੰ ਯਕੀਨੀ ਬਣਾਉਣ ਅਤੇ ਤੁਰੰਤ ਮੁਆਵਜ਼ਾ ਦੇਣ ਲਈ ਵੀ ਕਿਹਾ ਹੈ। ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਦੇਣ ਦੇ ਹੁਕਮ ਦਿੱਤੇ ਗਏ ਹਨ।
ਪੀੜਤ ਪਰਿਵਾਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਮੁਲਜ਼ਮ ਕਾਫ਼ੀ ਦੇਰ ਤੋਂ ਉਨ੍ਹਾਂ ਦੀ ਬੱਚੀ ਨੂੰ ਪਰੇਸ਼ਾਨ ਕਰ ਰਿਹਾ ਸੀ ਪਰ ਡਰ ਦੇ ਮਾਰੇ ਉਹ ਚੁੱਪ ਰਹੀ। 11 ਤਰੀਕ ਦੀ ਘਟਨਾ ਤੋਂ ਬਾਅਦ ਲੜਕੀ ਨੇ ਪੂਰੀ ਹਕੀਕਤ ਬਿਆਨ ਕੀਤੀ।

