ਕੌਮੀ ਇਨਸਾਫ਼ ਮੋਰਚੇ ਨੇ ਜਨਤਕ ਜਥੇਬੰਦੀਆਂ ਦੀ ਮੀਟਿੰਗ ਸੱਦੀ
ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਮਨਵਾਉਣ ਲਈ ਕੌਮੀ ਇਨਸਾਫ਼ ਮੋਰਚਾ ਦੀ ਅਗਵਾਈ ਹੇਠ ਮੁਹਾਲੀ ਅਤੇ ਚੰਡੀਗੜ੍ਹ ਦੀ ਹੱਦ ’ਤੇ ਤਿੰਨ ਸਾਲਾਂ ਤੋਂ ਜਾਰੀ ਪੱਕੇ ਮੋਰਚੇ ਦੀ ਅਗਲੀ ਰੂਪ-ਰੇਖਾ ਉਲੀਕਣ ਲਈ 5 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ’ਚ ਪੰਜਾਬ ਦੀਆਂ ਸਮੁੱਚੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ, ਸਿੱਖ ਸੰਸਥਾਵਾਂ, ਸੰਪਰਦਾਵਾਂ ਅਤੇ ਸ਼ਖ਼ਸੀਅਤਾਂ ਸਮੇਤ ਹਮਖਿਆਲੀ ਸਿਆਸੀ ਦਲਾਂ ਦੀ ਸਾਂਝੀ ਮੀਟਿੰਗ ਸੱਦੀ ਗਈ ਹੈ। ਇਹ ਫ਼ੈਸਲਾ ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਅਤੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਦੀ ਅਗਵਾਈ ਹੇਠਲੀ ਮੀਟਿੰਗ ’ਚ ਲਿਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਹੋਈ ਇਸ ਮੀਟਿੰਗ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਡਾ. ਦਰਸ਼ਨਪਾਲ ਸਮੇਤ ਹੋਰਨਾਂ ਨੇ ਵੀ ਸ਼ਿਰਕਤ ਕੀਤੀ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ 5 ਦੀ ਇਸ ਮੀਟਿੰਗ ’ਚ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਮੇਤ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਸਿਆਸੀ ਕੈਦੀਆਂ ਦੀ ਰਿਹਾਈ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ, ਬੇਅਦਬੀਆਂ ਵਿਰੁੱਧ ਲੜ ਰਹੇ ਲੋਕਾਂ ’ਤੇ ਜ਼ੁਲਮ ਢਾਉਣ, ਬੇਅਦਬੀ ਰੋਕਣ ਲਈ ਕਾਨੂੰਨ ਸਮੇਤ ਹੋਰ ਮੱਦਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਸਭ ਤੋਂ ਅਹਿਮ ਕਿ ਇਸ ਦੌਰਾਨ ਤਿੰਨ ਸਾਲਾਂ ਤੋਂ ਜਾਰੀ ਇਸ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕਰਨ ਵਾਸਤੇ ਅਗਲੀ ਰਣਨੀਤੀ ਵੀ ਉਲੀਕੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਦਿੱਲੀ ਵਾਸੀ ਇਕਬਾਲ ਸਿੰਘ ਦਾ ਸੁਝਾਅ ਸੀ ਕਿ ਸਿੱਖ ਅਤੇ ਪੰਜਾਬ ਹਿਤਾਇਸ਼ੀ ਜਥੇਬੰਦੀਆਂ ਨੂੰ ਵੀ ਕੌਮੀ ਇਨਸਾਫ਼ ਮੋਰਚਾ ਨਾਲ ਲੈ ਕੇ ਚੱਲੇ।
