ਸੁਖਾਵੇਂ ਮਾਹੌਲ ਵਿੱਚ ਨਵੀਂ ਸ਼ੁਰੂਆਤ

ਨਵਜੋਤ ਸਿੱਧੂ ਨੇ ਪੰਜਾਬ ਲਈ ਕੈਪਟਨ ਅੱਗੇ ਰੱਖੇ ਪੰਜ ਨੁਕਤੇ

ਨਵਜੋਤ ਸਿੱਧੂ ਨੇ ਪੰਜਾਬ ਲਈ ਕੈਪਟਨ ਅੱਗੇ ਰੱਖੇ ਪੰਜ ਨੁਕਤੇ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿਵਲ ਸਕੱਤਰੇਤ ’ਚ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ। -ਫੋਟੋ:ਪੰਜਾਬੀ ਟ੍ਰਿਬਿਊਨ

ਚਰਨਜੀਤ ਭੁੱਲਰ
ਚੰਡੀਗੜ੍ਹ, 27 ਜੁਲਾਈ

ਮੁੱਖ ਅੰਸ਼

  • ਕਾਂਗਰਸ ਪ੍ਰਧਾਨ ਨੇ ਬੇਅਦਬੀ, ਨਸ਼ਾ ਤਸਕਰੀ, ਖੇਤੀ ਕਾਨੂੰਨਾਂ ਤੇ ਮੁਲਾਜ਼ਮਾਂ ਦੇ ਮੁੱਦੇ ਉਭਾਰੇ
  • ਮੁੱਖ ਮੰਤਰੀ ਵੱਲੋਂ ਜਲਦੀ ਹੱਲ ਦਾ ਭਰੋਸਾ
  • ਪੰਜ ਨੁਕਤੇ ਕਾਂਗਰਸ ਹਾਈ ਕਮਾਨ ਦੇ 18 ਨੁਕਾਤੀ ਏਜੰਡੇ ਦਾ ਹਿੱਸਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਰਮਿਆਨ ਅੱਜ ਸੁਖਾਵੇਂ ਮਾਹੌਲ ’ਚ ਹੋਈ ਪਲੇਠੀ ਮੀਟਿੰਗ ਨੇ ਅੰਦਰੂਨੀ ਖਿੱਚੋਤਾਣ ਨੂੰ ਨਰਮ ਪਾ ਦਿੱਤਾ ਹੈ। ਤਾਜਪੋਸ਼ੀ ਸਮਾਰੋਹਾਂ ਮਗਰੋਂ ਬਤੌਰ ਪ੍ਰਧਾਨ ਨਵਜੋਤ ਸਿੱਧੂ ਨੇ ਪਹਿਲੀ ਕੜੀ ਵਜੋਂ ਪੰਜਾਬ ਦੇ ਪੰਜ ਭਖ਼ਦੇ ਮੁੱਦਿਆਂ ਨੂੰ ਮੁੱਖ ਮੰਤਰੀ ਅੱਗੇ ਰੱਖਿਆ ਹੈ ਜਿਨ੍ਹਾਂ ਦੇ ਜਲਦੀ ਹੱਲ ਹੋਣ ਦਾ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਹੈ। ਕਾਂਗਰਸ ਦੀ ਨਵੀਂ ਸੂਬਾਈ ਟੀਮ ਵੱਲੋਂ ਪੰਜ ਨੁਕਤੇ ਮੁੱਖ ਮੰਤਰੀ ਅੱਗੇ ਰੱਖੇ ਗਏ। ਇਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਸਜ਼ਾ ਦਿਵਾਉਣਾ ਵੀ ਸ਼ਾਮਲ ਸੀ। ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੀਆਂ ਵੱਡੀਆਂ ਹਸਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੇ ਜਾਣ ਦਾ ਨੁਕਤਾ ਵੀ ਰੱਖਿਆ ਗਿਆ। ਇਸੇ ਤਰ੍ਹਾਂ ਇਕ ਨੁਕਤਾ ਸਤਲੁਜ-ਯਮੁਨਾ ਲਿੰਕ ਨਹਿਰ ਵਾਲੇ ਸਮਝੌਤੇ ਨੂੰ ਰੱਦ ਕੀਤੇ ਜਾਣ ਵਾਂਗ ਕੇਂਦਰ ਦੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਵਿਚ ਰੱਦ ਕੀਤੇ ਜਾਣ ਬਾਰੇ ਵੀ ਹੈ ਜਿਸ ਵਾਸਤੇ ਵਿਧਾਇਕ ਤਿਆਰ ਹਨ। ਨੁਕਸਦਾਰ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨਾ ਵੀ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਰੋਸ ਮੁਜ਼ਾਹਰੇ ਕਰ ਰਹੀਆਂ ਅਧਿਆਪਕਾਂ, ਡਾਕਟਰਾਂ, ਨਰਸਾਂ, ਲਾਇਨਮੈਨਾਂ, ਸਫਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਨੂੰ ਫੌਰੀ ਸੁਣਨ ਵੱਲ ਵੀ ਧਿਆਨ ਦਿਵਾਇਆ ਗਿਆ ਹੈ। ਸਰਕਾਰ ਵੱਲੋਂ ਗੱਲਬਾਤ ਦਾ ਦਰ ਖੋਲ੍ਹਣ ਦੀ ਗੱਲ ਕੀਤੀ ਗਈ ਹੈ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ’ਚ ਹੋਈ ਮੀਟਿੰਗ ’ਚ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਇੱਕ-ਦੂਸਰੇ ਪ੍ਰਤੀ ਗਰਮਜੋਸ਼ੀ ਦਿਖਾਈ ਗਈ ਜਿਸ ਤੋਂ ਮੁੱਦਿਆਂ ਦੇ ਹੱਲ ਹੋਣ ਦੇ ਆਸਾਰ ਬਣਨ ਲੱਗੇ ਹਨ। ਵੇਰਵਿਆਂ ਅਨੁਸਾਰ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਅਤੇ ਪਵਨ ਗੋਇਲ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦ ਸਨ। ਚੇਤੇ ਰਹੇ ਕਿ ਤਾਜਪੋਸ਼ੀ ਸਮਾਰੋਹਾਂ ਮਗਰੋਂ ਚਰਚੇ ਛਿੜੇ ਸਨ ਕਿ ਅਮਰਿੰਦਰ ਤੇ ਨਵਜੋਤ ਸਿੱਧੂ ਦਰਮਿਆਨ ਸਿਆਸੀ ਕੁੜੱਤਣ ਬਣੀ ਰਹੇਗੀ। ਅੱਜ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਪੰਜਾਬ ਦੇ ਮੁੱਦਿਆਂ ਪ੍ਰਤੀ ਆਪਣੀ ਸੁਹਿਰਦਤਾ ਦਾ ਪ੍ਰਗਟਾਵਾ ਕੀਤਾ ਗਿਆ। ਨਵਜੋਤ ਸਿੱਧੂ ਨੇ ਵੀ ਅੱਜ ਆਪਣੇ ਰੁਖ਼ ਵਿਚ ਨਰਮੀ ਲਿਆਂਦੀ ਹੋਈ ਸੀ ਪਰ ਉਨ੍ਹਾਂ ਨੇ ਮੁੱਖ ਮੰਤਰੀ ਅੱਗੇ ਉਹ ਮੁੱਦੇ ਰੱਖੇ ਹਨ ਜਿਨ੍ਹਾਂ ਬਾਰੇ ਸਰਕਾਰੀ ਚਾਲ ਮੱਠੀ ਸੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਚਾਰਾਂ ਕਾਰਜਕਾਰੀ ਪ੍ਰਧਾਨਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਮੀਟਿੰਗ ਕਰਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿਊਨ

ਦੂਸਰੇ ਪਾਸੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਾਂ-ਪੱਖੀ ਹੁੰਗਾਰਾ ਭਰ ਕੇ ਨਿੱਘਾ ਮਾਹੌਲ ਸਿਰਜਿਆ। ਬੇਸ਼ੱਕ ਅੱਜ ਦੋਵਾਂ ਆਗੂਆਂ ਨੇ ਪੰਜਾਬ ਦੇ ਭਲੇ ਲਈ ਆਪਸੀ ਤਾਲਮੇਲ ਬਣਾ ਕੇ ਚੱਲਣ ਦੀ ਪਹਿਲਕਦਮੀ ਕੀਤੀ ਹੈ ਪਰ ਸਿਆਸੀ ਹਲਕੇ ਆਖ ਰਹੇ ਹਨ ਕਿ ਬਹੁਤਾ ਸਿਆਸੀ ਪੈਂਡਾ ਇਹ ਆਗੂ ਇਕੱਠੇ ਚੱਲ ਨਹੀਂ ਸਕਣਗੇ। ਵਿਰੋਧੀ ਧਿਰਾਂ ਦੀ ਨਜ਼ਰ ਵੀ ਅੱਜ ਦੀ ਮੀਟਿੰਗ ’ਤੇ ਲੱਗੀ ਰਹੀ। ਨਵੀਂ ਸੂਬਾਈ ਟੀਮ ਨੇ ਅੱਜ ਮੁੱਖ ਮੰਤਰੀ ਨੂੰ ਪੰਜ ਨੁਕਾਤੀ ਏਜੰਡਾ ਸੌਂਪਿਆ ਜੋ ਕਾਂਗਰਸ ਹਾਈ ਕਮਾਨ ਦੇ 18 ਨੁਕਾਤੀ ਏਜੰਡੇ ਦਾ ਹਿੱਸਾ ਹੈ। ਨਵਜੋਤ ਸਿੱਧੂ ਪੰਜਾਬ ਦੇ ਲੋਕਾਂ ’ਚ ਜਾਣ ਤੋਂ ਪਹਿਲਾਂ ਕੁੱਝ ਮੁੱਦਿਆਂ ਦਾ ਨਿਪਟਾਰਾ ਕਰਾਉਣ ਦੇ ਇੱਛੁਕ ਹਨ ਜਿਨ੍ਹਾਂ ਬਾਰੇ ਉਹ ਪਹਿਲਾਂ ਟਵੀਟ ਵੀ ਕਰਦੇ ਰਹੇ ਹਨ।

ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਕੰਮਾਂ ਅਤੇ ਲੋਕ ਪੱਖੀ ਫ਼ੈਸਲਿਆਂ ਨੂੰ ਪਾਰਟੀ ਆਗੂ ਤੇ ਵਰਕਰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ। ਨਵੀਂ ਟੀਮ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਹੁਤੇ ਫ਼ੈਸਲਿਆਂ ਅਤੇ ਕੰਮਾਂ ਤੋਂ ਲੋਕ ਜਾਣੂ ਹੀ ਨਹੀਂ ਹਨ। ਟੀਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤਾਲਮੇਲ ਬਣਾ ਕੇ ਹਰ ਫੈਸਲੇ ਬਾਰੇ ਪਾਰਟੀ ਨੂੰ ਜਾਣਕਾਰੀ ਦੇਵੇ ਤਾਂ ਜੋ ਵਰਕਰਾਂ ਤੱਕ ਅਜਿਹੇ ਕੰਮਾਂ ਦੀ ਸੂਚਨਾ ਪੁੱਜਦੀ ਕੀਤੀ ਜਾ ਸਕੇ।

ਸਰਕਾਰੀ ਮੁਲਾਜ਼ਮਾਂ ਨੂੰ ਹੜਤਾਲ ਖਤਮ ਕਰਨ ਦੀ ਅਪੀਲ

ਚੰਡੀਗੜ੍ਹ: ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਨੂੰ ਪੇਸ਼ ਆ ਰਹੀਆਂ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਹੈ ਅਤੇ ਸਬੰਧਤ ਵਿਭਾਗਾਂ ਨਾਲ ਵਿਚਾਰ-ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਵੀ ਦਿੱਤਾ ਹੈ। ਮੁੱਖ ਮੰਤਰੀ ਨੇ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕਰਨ ਲਈ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਨਿਰੰਤਰ ਚੱਲ ਰਹੀ ਹੜਤਾਲ ਕਾਰਨ ਵਿਭਾਗਾਂ ਦੇ ਕੰਮ ਕਾਰਜ ’ਤੇ ਪੈ ਰਹੇ ਮਾੜੇ ਅਸਰ ’ਤੇ ਫਿਕਰ ਜ਼ਾਹਰ ਕੀਤੇ।

ਫ਼ੈਸਲੇ ਲੈਣ ’ਚ ਦਲੇਰੀ ਦਿਖਾਈ ਜਾਵੇ: ਸਿੱਧੂ

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅੱਗੇ ਪੰਜ ਮੁੱਖ ਨੁਕਤੇ ਰੱਖਦਿਆਂ ਕਿਹਾ ਕਿ ਇਨ੍ਹਾਂ ’ਤੇ ਪੰਜਾਬ ਸਰਕਾਰ ਤੁਰੰਤ ਪਹਿਲ ਦੇ ਅਧਾਰ ’ਤੇ ਕਾਰਵਾਈ ਕਰੇ ਕਿਉਂਕਿ ਇਹ ਮੁੱਦੇ ਲੋਕਾਂ ਅਤੇ ਵਰਕਰਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੇ ਹਨ। ਪੰਜਾਬੀਆਂ ਨੂੰ ਇਨਸਾਫ਼ ਦੇਣ ਲਈ ਅੱਜ ਫੈਸਲੇ ਲੈਣ ਵਿਚ ਦਲੇਰੀ ਦਿਖਾਏ ਜਾਣ ਦੀ ਲੋੜ ਹੈ।

ਪੰਜਾਬ ਸਰਕਾਰ ਦੇ ਪਹਿਲਾਂ ਹੀ ਧਿਆਨ ’ਚ ਹਨ ਇਹ ਨੁਕਤੇ: ਅਮਰਿੰਦਰ

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਨ੍ਹਾਂ ਪੰਜ ਨੁਕਤਿਆਂ ਬਾਰੇ ਕਿਹਾ ਕਿ ਪੰਜਾਬ ਸਰਕਾਰ ਦੇ ਪਹਿਲਾਂ ਹੀ ਇਹ ਸਭ ਧਿਆਨ ਵਿਚ ਹੈ ਜਿਨ੍ਹਾਂ ਦੇ ਹੱਲ ਲਈ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 2017 ਵਿਧਾਨ ਸਭਾ ਚੋਣਾਂ ਦੇ ਚੋਣ ਮਨੋਰਥ ਪੱਤਰ ਚੋਂ ਬਹੁਤੇ ਵਾਅਦੇ ਪਹਿਲਾਂ ਹੀ ਲਾਗੂ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵੀ ਜਲਦ ਹੱਲ ਹੋ ਜਾਣਗੇ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਰਕਾਰ ਅਤੇ ਪਾਰਟੀ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕਾਂਗਰਸ ਦੀ ਨਵੀਂ ਟੀਮ ਨਾਲ ਰੈਗੂਲਰ ਮੀਟਿੰਗਾਂ ਜਾਰੀ ਰੱਖਣ ਦੀ ਪੇਸ਼ਕਸ਼ ਵੀ ਕੀਤੀ। ਮੁੱਖ ਮੰਤਰੀ ਨੇ ਪੰਜਾਬ ਅਤੇ ਪਾਰਟੀ ਦੇ ਹਿੱਤ ਲਈ ਆਪਸ ਵਿਚ ਮਿਲ ਕੇ ਕੰਮ ਕਰਨ ਦੀ ਗੱਲ ਆਖੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All