ਸਰਬਜੀਤ ਸਿੰਘ ਭੰਗੂ/ਜਗਤਾਰ ਸਿੰਘ ਲਾਂਬਾ
ਪਟਿਆਲਾ/ਅੰਮ੍ਰਿਤਸਰ, 24 ਮਈ
ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਛੇ ਮਹੀਨਿਆਂ ਤੋਂ ਜਾਰੀ ਕਿਸਾਨ ਧਰਨੇ ਦਾ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਵੀ ਸਮਰਥਨ ਕੀਤਾ ਹੈ। ਇਸ ਤਹਿਤ ਹੀ ਉਹ ਭਲਕੇ 25 ਮਈ ਨੂੰ ਆਪਣੇ ਪਟਿਆਲਾ ਅਤੇ ਅੰਮ੍ਰਿਤਸਰ ਵਿਚਲੇ ਘਰਾਂ ਦੀਆਂ ਛੱਤਾਂ ’ਤੇ ਕਾਲੇ ਝੰਡੇ ਲਹਿਰਾਉਣਗੇ। ਅੱਜ ਆਪਣੇ ਟਵਿੱਟਰ ਖਾਤੇ ਰਾਹੀਂ ਸ੍ਰੀ ਸਿੱਧੂ ਨੇ ਦੱਸਿਆ ਕਿ ਉਹ ਆਪਣੇ ਦੋਵਾਂ ਘਰਾਂ ’ਤੇ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਸਵੇਰੇ ਸਾਢੇ 9 ਵਜੇ ਕਾਲੇ ਝੰਡੇ ਲਾਉਣਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੀ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਇਹ ਝੰਡੇ ਉਦੋਂ ਤੱਕ ਲਹਿਰਾ ਕੇ ਰੱਖੇ ਜਾਣ, ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਜਾਂ ਫਿਰ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਰਾਹੀਂ ਫ਼ਸਲਾਂ ਦੀ ਖ਼ਰੀਦ ਅਤੇ ਜਿਣਸਾਂ ’ਤੇ ਐੱਮਐੱਸਪੀ ਯਕੀਨੀ ਬਣਾਉਣ ਲਈ ਕੋਈ ਹੱਲ ਨਹੀਂ ਕੱਢਿਆ ਜਾਂਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਗਏ ਰੋਸ ਵਿਖਾਵੇ ਦੀਆਂ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਹ ਰੋਸ ਵਿਖਾਵਾ ਉਨ੍ਹਾਂ ਵੱਲੋਂ ਅੰਮ੍ਰਿਤਸਰ ਸਥਿਤ ਭੰਡਾਰੀ ਪੁਲ ਵਿਖੇ ਕੀਤਾ ਗਿਆ ਸੀ।