ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਮਾਰਚ
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਬੀਤੇ ਦਿਨੀਂ ਇੱਕ ਔਰਤ ਵੱਲੋਂ ਸਿਗਰਟਨੋਸ਼ੀ ਕਰਨ ਦੀ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਸ ਸਬੰਧੀ ਵਿਸ਼ੇਸ਼ ਮੀਟਿੰਗ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਧਾਮੀ ਵੱਲੋਂ ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਸ਼੍ਰੋਮਣੀ ਕਮੇਟੀ ਦੇ ਸੱਤ ਮੁਲਾਜ਼ਮਾਂ ਨੂੰ ਮੁਅੱਤਲ ਤੇ ਤਿੰਨ ਮੈਨੇਜਰਾਂ ਦਾ ਤਬਾਦਲਾ ਕੀਤਾ ਗਿਆ ਸੀ।
ਸ੍ਰੀ ਧਾਮੀ ਨੇ ਅੱਜ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀ ਸੰਗਤ ਲਈ ਅਧਿਆਤਮਿਕ ਕੇਂਦਰ ਹੈ ਤੇ ਇਸ ਪਾਵਨ ਅਸਥਾਨ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਮਨੁੱਖਤਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅੰਦਰ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰਨਾਂ ਨਾਲੋਂ ਜ਼ਿਆਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਉਨ੍ਹਾਂ ਇਹ ਵੀ ਕਿਹਾ ਕਿ ਵੱਖ ਵੱਖ ਥਾਵਾਂ ’ਤੇ ਸੂਚਨਾ ਬੋਰਡ ਲਾ ਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਤੰਬਾਕੂ ਦੀ ਵਰਤੋਂ ’ਤੇ ਰੋਕ ਹੋਣ ਸਬੰਧੀ ਜਾਣਕਾਰੀ ਦਿੱਤੀ ਜਾਵੇ। ਇਸ ਸਬੰਧੀ ਕਈ ਥਾਵਾਂ ’ਤੇ ਸਪੀਕਰਾਂ ਰਾਹੀਂ ਵੀ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੁਝ ਸਾਬਕਾ ਸੈਨਿਕਾਂ ਦੀ ਭਰਤੀ ਦੀ ਵੀ ਯੋਜਨਾ ਹੈ।