ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 28 ਅਕਤੂਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੇ ਉਨ੍ਹਾਂ ਦਾ ਸੂਚਨਾ ਦਫ਼ਤਰ ਵਿੱਚ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ, ਉਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਦੇ ਨਾਲ-ਨਾਲ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਵਧਾਈ ਦੇ ਪਾਤਰ ਹਨ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਪੰਜਾਬ ਵਿੱਚ ਡੇਰਾ ਖੋਲ੍ਹਣ ਦੇ ਦਿੱਤੇ ਬਿਆਨ ਬਾਰੇ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਿਹੜੀ ਗੱਲ ਹੋ ਹੀ ਨਹੀਂ ਸਕਦੀ ਉਸ ਬਾਰੇ ਕੀ ਗੱਲ ਕਰਨੀ। ਉਨ੍ਹਾਂ ਕਿਹਾ ਕਿ ਉਹ ਨਾ ਤਾਂ ਗੁਰਮੀਤ ਰਾਮ ਰਹੀਮ ਨੂੰ ਬਾਬਾ ਮੰਨਦੇ ਅਤੇ ਨਾ ਹੀ ਉਸ ਦਾ ਇੱਥੇ ਕੋਈ ਡੇਰਾ ਖੁੱਲ੍ਹੇਗਾ। ਇਸ ਦੌਰਾਨ ਵਿਧਾਨ ਸਭਾ ਭਰਤੀ ਘੁਟਾਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਕਾਨੂੰਨੀ ਰਾਏ ਲੈ ਲਈ ਹੈ ਅਤੇ ਇਸ ਘੁਟਾਲੇ ਦੀ ਜਾਂਚ ਚੱਲ ਰਹੀ ਹੈ। ਜੇਕਰ ਇਸ ਜਾਂਚ ਵਿੱਚ ਕੋਈ ਕਸੂਰਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਬੈਂਸ ਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸ਼ਿੰਦੂ ਆਦਿ ਹਾਜ਼ਰ ਸਨ।
ਕੁਲਤਾਰ ਸੰਧਵਾਂ ਵੱਲੋਂ ਹਰਿਆਣਾ ਦੇ ਰਾਜਪਾਲ ਨਾਲ ਮੁਲਾਕਾਤ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨਾਲ ਹਰਿਆਣਾ ਰਾਜ ਭਵਨ ਵਿੱਚ ਮੁਲਾਕਾਤ ਕੀਤੀ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਵੇਰੇ ਹਰਿਆਣਾ ਦੇ ਰਾਜਪਾਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਨੇ ਸ੍ਰੀ ਦੱਤਾਤ੍ਰੇਯ ਨਾਲ ਆਪਣੇ ਤਜਰਬੇ ਸਾਂਝੇ ਕੀਤੇ।