ਹਰਿਆਣਾ ਕਾਂਗਰਸ ਦੇ ਨਵੇਂ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਅਹੁਦਾ ਸੰਭਾਲਿਆ
ਹਰਿਆਣਾ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-9 ਸਥਿਤ ਹਰਿਆਣਾ ਕਾਂਗਰਸ ਦੇ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਰਿਆਣਾ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਉਦੈ ਭਾਨ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਇੰਚਾਰਜ ਬੀ.ਕੇ. ਹਰੀ ਪ੍ਰਸਾਦ, ਰਾਜ ਸਭਾ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਸਣੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਰਹੇ, ਜਦੋਂਕਿ ਸਾਬਕਾ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਈ। ਇਸ ਮੌਕੇ ਰਾਓ ਨਰਿੰਦਰ ਸਿੰਘ ਨੇ ਅਹੁਦਾ ਸੰਭਾਲਣ ਮਗਰੋਂ ਕਿਹਾ ਕਿ ਉਨ੍ਹਾਂ ਵੱਲੋਂ ਸਾਰਿਆਂ ਨੂੰ ਨਾਲ ਲੈ ਕੇ ਸੂਬੇ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਬਜ਼ ਭਾਜਪਾ ਸਰਕਾਰ ਵੱਲੋਂ 10 ਸਾਲਾਂ ਵਿੱਚ ਸੂਬੇ ਦਾ ਵਿਕਾਸ ਨਹੀਂ ਵਿਨਾਸ਼ ਕੀਤਾ ਹੈ, ਜਿਸ ਨੇ ਦੇਸ਼ ਵਿੱਚੋਂ ਜਮਹੂਰੀਅਤ ਨੂੰ ਖਤਮ ਕਰਕੇ ਰੱਖ ਦਿੱਤਾ ਹੈ। ਅੱਜ ਭਾਜਪਾ ਵੱਲੋਂ ਦੇਸ਼ ਵਿੱਚ ਵੋਟ ਚੋਰੀ ਕਰਕੇ ਸੱਤਾ ਹਥਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਦੀਆਂ ਅਜਿਹੀਆਂ ਸਾਜਿਸ਼ਾਂ ਬਾਰੇ ਹਰਿਆਣਾ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅਗਲੀ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਵਿੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ, ਜਦੋਂਕਿ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਧਾਨਾਂ ਤੇ ਹੋਰਨਾਂ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਹੁੱਡਾ ਨੇ ਕਿਹਾ ਕਿ ਸਾਰੇ ਮਿਲ ਕੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਪਿਛਲੇ 11 ਸਾਲਾਂ ਤੋਂ ਮਜ਼ਬੂਤ ਸੰਗਠਨ ਨਹੀਂ ਸੀ, ਜੇ ਹੁੰਦਾ ਤਾਂ ਕਾਂਗਰਸ ਨੂੰ ਹੋਰ ਵਾਧੂ ਵੋਟਾਂ ਮਿਲ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਇਕ ਮਜ਼ਬੂਤ ਸੰਗਠਨ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।