ਪੰਜਾਬ ’ਚ ਅਗਲੇ 24 ਘੰਟੇ ਸੰਕਟ ਭਰੇ ਰਹਿਣਗੇ
ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੇ ਮੀਂਹ ਤੋਂ ਬਾਅਦ ਦੋ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਧਰ, ਮੌਸਮ ਵਿਭਾਗ ਨੇ ਅਗਲੇ 24 ਘੰਟੇ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਤੇ ਹੋਰਨਾਂ ਨਾਲ ਲਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 27, 28, 30 ਤੇ 31 ਅਗਸਤ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਰੁਕ ਰੁਕ ਕੇ ਪੈ ਰਹੇ ਮੀਂਹ ਨੇ ਬਿਆਸ, ਰਾਵੀ ਤੇ ਸਤਲੁਜ ਦਰਿਆ ਦੇ ਆਲੇ-ਦੁਆਲੇ ਖੇਤਰਾਂ ਵਿੱਚ ਰਹਿਣ ਵਾਲਿਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਦੌਰਾਨ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 12.4 ਐੱਮਐੱਮ, ਅੰਮ੍ਰਿਤਸਰ ਵਿੱਚ 162.9, ਲੁਧਿਆਣਾ ਵਿੱਚ 42, ਪਟਿਆਲਾ ਵਿੱਚ 24.7, ਪਠਾਨਕੋਟ ਵਿੱਚ 62, ਬਠਿੰਡਾ ਵਿੱਚ 42.8, ਫਰੀਦਕੋਟ ਵਿੱਚ 80.6, ਗੁਰਦਾਸਪੁਰ ਵਿੱਚ 189.8, ਨਵਾਂਸ਼ਹਿਰ ਵਿੱਚ 27.2, ਫਾਜ਼ਿਲਕਾ ਵਿੱਚ 12.5, ਫਿਰੋਜ਼ਪੁਰ ਵਿੱਚ 84.5, ਹੁਸ਼ਿਆਰਪੁਰ ਵਿੱਚ 36, ਮਾਨਸਾ ਵਿੱਚ 4.5, ਮੁਹਾਲੀ ਵਿੱਚ 19.5, ਰੋਪੜ ਵਿੱਚ 12.5 ਐੱਮਐੱਮ ਮੀਂਹ ਪਿਆ।