ਪੰਜਾਬ ’ਚ ਅਗਲੀ ਸਰਕਾਰ ਵੀ ‘ਆਪ’ ਦੀ: ਕੇਜਰੀਵਾਲ
ਗਗਨਦੀਪ ਅਰੋੜਾ
ਲੁਧਿਆਣਾ, 7 ਜੁਲਾਈ
ਜ਼ਿਮਨੀ ਚੋਣਾਂ ਵਿੱਚ ਜਿੱਤ ਤੋਂ ਬਾਅਦ ਅੱਜ ‘ਆਪ’ ਨੇ ਲੁਧਿਆਣਾ ਵਿੱਚ ਧੰਨਵਾਦ ਸਭਾ ਕੀਤੀ। ਇਸ ਮੌਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕੀਤਾ। ਉਨ੍ਹਾਂ ਨਾਲ ‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਣੇ ਹੋਰ ਆਗੂ ਮੌਜੂਦ ਸਨ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਪੱਛਮੀ ਅਤੇ ਗੁਜਰਾਤ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਜਿੱਤ ’ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਗੜ੍ਹ ਮੰਨੇ ਜਾਣ ਵਾਲੇ ਗੁਜਰਾਤ ਵਿੱਚ ‘ਆਪ’ ਉਮੀਦਵਾਰ ਨੇ 17,000 ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਗੁਜਰਾਤ ਵਿੱਚ ‘ਆਪ’ ਦੀ ਜਿੱਤ ਤੋਂ ਇੰਨੀ ਗੁੱਸੇ ਵਿੱਚ ਸੀ ਕਿ ਉਨ੍ਹਾਂ ਨੇ ਤੁਰੰਤ ਪਾਰਟੀ ਦੇ ਇੱਕ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਭਾਜਪਾ ਜਿੰਨਾ ਮਰਜ਼ੀ ਡਰਾਵੇ ਪਰ ਉਹ ਡਰਨ ਵਾਲੇ ਨਹੀਂ ਹਨ। ਕੇਜਰੀਵਾਲ ਨੇ ਕਿਹਾ ਕਿ ਲੁਧਿਆਣਾ ਅਤੇ ਗੁਜਰਾਤ ਜ਼ਿਮਨੀ ਚੋਣਾਂ 2027 ਦੀਆਂ ਚੋਣਾਂ ਦਾ ਸੈਮੀਫਾਈਨਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਇਨ੍ਹਾਂ ਚੋਣਾਂ ਵਿੱਚ ਪਾਰਟੀ ਨੂੰ ਸਮਰਥਨ ਮਿਲਿਆ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ 2027 ਵਿੱਚ ‘ਆਪ’ ਪੰਜਾਬ ਅਤੇ ਗੁਜਰਾਤ ਵਿੱਚ ਬਹੁਮਤ ਨਾਲ ਸਰਕਾਰ ਬਣਾਏਗੀ।
ਕੇਜਰੀਵਾਲ ਨੇ ਕਾਂਗਰਸ ਅਤੇ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਹੁਣ ਕੋਈ ਵੀ ਜਨਹਿੱਤ ਮੁੱਦਾ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਉਨ੍ਹਾਂ ’ਤੇ ਰਾਜ ਸਭਾ ਜਾਣ ਦੀ ਅਫ਼ਵਾਹ ਫੈਲਾਈ ਸੀ। ਕੇਜਰੀਵਾਲ ਨੇ ਕਿਹਾ ਕਿ ਜਦੋਂ 2017 ਵਿੱਚ ਸਰਵੇਖਣ ਕੀਤਾ ਗਿਆ ਸੀ, ਤਾਂ ਪੰਜਾਬ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਵਿੱਚ 29ਵੇਂ ਸਥਾਨ ’ਤੇ ਸੀ ਪਰ ਹੁਣ ‘ਆਪ’ ਦੀ ਮਿਹਨਤ ਸਦਕਾ ਇਹ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।
ਮਜੀਠੀਆ ਦਾ ਘਰ ਹੁਣ ਸਿਰਫ਼ ਜੇਲ੍ਹ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲੇ ਲੈ ਰਹੀ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਜੱਲ੍ਹਿਆਂਵਾਲਾ ਬਾਗ ਕਤਲੇਆਮ ਦੇ ਕਾਤਲਾਂ ਨੂੰ ਸੁਰੱਖਿਆ ਦੇਣ ਵਾਲੇ ਅੱਜ ਨਾਭਾ ਜੇਲ੍ਹ ਵਿੱਚ ਹਨ ਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਵਿਰੋਧੀ ਧਿਰ ’ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਰਫ਼ ਬਿਆਨਬਾਜ਼ੀ ਕਰਦੇ ਹਨ। ਉਨ੍ਹਾਂ ਨੂੰ ਆਮ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ। ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਸਿਫਾਰਸ਼ ਦੇ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਥਰਮਲ ਪਲਾਂਟ ਖ਼ਰੀਦਿਆ, ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਨੇ ਰਵਨੀਤ ਬਿੱਟੂ ਅਤੇ ਚਰਨਜੀਤ ਚੰਨੀ ਬਾਰੇ ਕਿਹਾ ਕਿ ਇਹ ਉਹੀ ਲੋਕ ਹਨ ਜੋ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਗ਼ਲਤ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਹੁਣ ਮੁਆਫ਼ੀ ਮੰਗ ਰਹੇ ਹਨ।
ਮੁਹਾਲੀ ’ਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ
ਐੱਸਏਐੱਸ ਨਗਰ(ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਦੇ ਸੈਕਟਰ-83 ਵਿੱਚ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਮਿਲੀਅਨ ਗੈਲਨ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਵਿੱਚ ਵਰਤੀ ਆਧੁਨਿਕ ਤਕਨਾਲੋਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੂਬੇ ਦੇ ਪਾਣੀ ਨੂੰ ਬਚਾਉਣਾ ਹੈ। ਇਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਟਰੀਟਮੈਂਟ ਪਲਾਂਟ ਚੱਲਣ ਨਾਲ ਮੁਹਾਲੀ ਸ਼ਹਿਰ ਦੇ ਸੀਵਰੇਜ ਦੇ ਪਾਣੀ ਨੂੰ ਸੋਧਿਆ ਜਾਵੇਗਾ। ਇਸ ਪਲਾਂਟ ਵਿਚ ਪਾਣੀ ਸੋਧਣ ਦੀ ਤਕਨੀਕ ਦਿੱਲੀ ਨਾਲੋਂ ਵਧੀਆ ਹੈ। ਅਰਵਿੰਦ ਕੇਜਰੀਵਾਲ ਨੇ ਇਸ ਮੌਕੇ ਐਲਾਨ ਕੀਤਾ ਕਿ ਅਗਲੇ ਛੇ ਮਹੀਨਿਆਂ ਵਿੱਚ ਮਿਸ਼ਨ ਦੇ ਆਧਾਰ ’ਤੇ ਸੂਬੇ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ।