ਪੱਤਰ ਪ੍ਰੇਰਕ
ਬਨੂੜ, 2 ਜੂਨ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਵਾਤਾਵਰਨ ਦੀ ਸੁਰੱਖਿਆ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਹੈ। ਉਹ ਅੱਜ ਚਿਤਕਾਰਾ ਯੂਨੀਵਰਸਿਟੀ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ‘ਭਵਿੱਖ ਲਈ ਵਾਤਾਵਰਨ ਦੀ ਸੁਰੱਖਿਆ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਕਰਨਾ ਅਪਰਾਧ ਹੈ ਅਤੇ ਇਸ ਸਬੰਧੀ ਸਖਤ ਕਾਨੂੰਨ ਵੀ ਹਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਵੱਡੇ ਵਿੱਦਿਅਕ ਅਦਾਰਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਚੇਅਰਮੈਨ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਬਾਇਓਮੈਡੀਕਲ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਮੈਡੀਕਲ ਸਟਾਫ਼ ਦੀ ਸਹੂਲਤ ਲਈ ਬਣਾਇਆ ਗਿਆ ਕਿਤਾਬਚਾ ਵੀ ਜਾਰੀ ਕੀਤਾ ਅਤੇ ਕੈਂਪਸ ਵਿੱਚ ਬੂਟਾ ਲਗਾਇਆ।
ਸੈਮੀਨਾਰ ਮੌਕੇ ਵਾਤਾਵਰਨ ਪ੍ਰੇਮੀ ਤੇ ਐੱਨਜੀਟੀ ਨਿਗਰਾਨ ਕਮੇਟੀ ਦੇ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਾਣੀ ਨੂੰ ਦੂਸ਼ਿਤ ਕਰਨ ਵਾਲਿਆਂ ਦੀ ਜਵਾਬਦੇਹੀ ਜ਼ਰੂਰੀ ਹੈ ਕਿਉਂਕਿ ਜਿੰਨੀ ਦੇਰ ਜਵਾਬਦੇਹੀ ਤੈਅ ਨਹੀਂ ਹੁੰਦੀ, ਇਸ ਮਸਲੇ ਦਾ ਹੱਲ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਪਾਣੀ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਾਲਾਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਵੀ ਸਾਹਮਣੇ ਆਵੇਗੀ। ਉਨ੍ਹਾਂ ਸੀਚੇਵਾਲ ਮਾਡਲ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜੇਕਰ ਅਜਿਹੇ ਮਾਡਲ ਵੱਡੇ ਪੱਧਰ ’ਤੇ ਲਗਾਏ ਜਾਣ ਤਾਂ ਪਾਣੀ ਰੀਚਾਰਜ ਕਰਕੇ ਉਸ ਦੀ ਵਰਤੋਂ ਖੇਤੀ ਲਈ ਕੀਤੀ ਜਾ ਸਕਦੀ ਹੈ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ‘ਮੇਰਾ ਵਾਤਾਵਰਨ, ਮੇਰੀ ਜ਼ਿੰਮੇਵਾਰੀ’ ਦਾ ਨਾਅਰਾ ਦਿੰਦਿਆਂ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਐੱਸਬੀਐੱਸ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ ਨੇ ਫ਼ਸਲੀ ਰਹਿੰਦ-ਖੂੰਹਦ ਕਾਰਨ ਵਾਤਾਵਰਨ ਉੱਤੇ ਪੈਂਦੇ ਪ੍ਰਭਾਵ ’ਤੇ ਚਰਚਾ ਕੀਤੀ। ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਪ੍ਰੋ. ਵੀ.ਕੇ ਗਰਗ ਨੇ ‘ਸਿੰਗਲ ਯੂਜ਼ ਪਲਾਸਟਿਕ’ ਦੇ ਘਾਤਕ ਨਤੀਜਿਆਂ ’ਤੇ ਪਰਚਾ ਪੜ੍ਹਿਆ। ਖੇਤੀ ਵਿਰਾਸਤ ਮਿਸ਼ਨ ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਓਮਿੰਦਰ ਦੱਤ ਨੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲਣ ’ਤੇ ਜ਼ੋਰ ਦਿੱਤਾ।
ਐੱਨਜੀਟੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਕਿਹਾ ਕਿ ਜੇਕਰ ਹੁਣ ਵੀ ਲੋਕਾਂ ਨੇ ਪਾਣੀ ਦੀ ਦੁਰਵਰਤੋਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ। ਚਿਤਕਾਰਾ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਮਧੂ ਚਿਤਕਾਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਾਤਾਵਰਨ ਪੱਖੀ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ।