ਅਜੇ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 7 ਦਸੰਬਰ
ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਪੰਜਾਬ ਦੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਜੋਤੀ ਸਰੂਪ ਚੌਕ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕਿਆ ਅਤੇ ਧਰਨਾ ਦਿੱਤਾ।
ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲਗਪਗ 15 ਸਾਲਾਂ ਤੋਂ ਨਗੂਣੀਆਂ ਤਨਖਾਹਾਂ ’ਤੇ ਠੇਕੇ ਉਤੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਲਿਆਂਦੇ ਕਾਨੂੰਨ ਵਿੱਚ ਉਨ੍ਹਾਂ ਨੂੰ ਬਾਹਰ ਰੱਖਿਆ ਗਿਆ ਹੈ। ਧਰਨਾ ਦੇ ਰਹੇ ਕਰਮਚਾਰੀਆਂ ਨੇ ਮੁੱਖ ਮੰਤਰੀ ਚੰਨੀ ਦਾ ਪੁਤਲਾ ਫੂਕਦਿਆਂ ਸਰਕਾਰ ਦਾ ਪਿੱਟ-ਸਿਆਪਾ ਕੀਤਾ।
ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸਰਕਾਰੀ ਹਸਪਤਾਲ ਦੇ ਬਾਹਰ ਚੱਕਾ ਜਾਮ
ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ) : ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਬਾਹਰ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁਹਾਲੀ-ਚੰਡੀਗੜ੍ਹ ਸੜਕ ’ਤੇ ਚੱਕਾ ਜਮਾ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।ਯੂਨੀਅਨ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਮੁਲਾਜ਼ਮਾਂ ਨੇ ਸਮੂਹ ਸਿਹਤ ਸੇਵਾਵਾਂ ਦਾ ਮੁਕੰਮਲ ਬਾਈਕਾਟ ਕੀਤਾ ਹੋਇਆ ਹੈ।