ਦਸਹਿਰੇ ਮੌਕੇ ਨਿਹੰਗ ਸਿੰਘਾਂ ਨੇ ਮਹੱਲਾ ਕੱਢਿਆ
ਬਾਬਾ ਬਲਬੀਰ ਸਿੰਘ ਦੀ ਅਗਵਾਈ ’ਚ ਗੁਰਦੁਆਰਾ ਰਣਜੀਤਗੜ੍ਹ ਸਾਹਿਬ ਤੋਂ ਹੋੲੀ ਸ਼ੁਰੂਆਤ
ਦਸਹਿਰੇ ਦੇ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਨਗਾਰਿਆਂ ਦੀ ਗੂੰਜ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਨਿਹੰਗ ਜਥੇਬੰਦੀਆਂ ਨੇ ਮਹੱਲਾ ਕੱਢਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਵਿੱਚ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਮਰਿਆਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਅਤੇ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ।
ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਤੋਂ ਆਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਗੜ੍ਹੀ ਸਾਹਿਬ, ਗੁਰਦੁਆਰਾ ਕਤਲਗੜ੍ਹ ਸਾਹਿਬ ਅਤੇ ਗੁਰਦੁਆਰਾ ਤਾੜੀ ਸਾਹਿਬ ਵਿੱਚ ਨਤਮਸਤਕ ਹੋਇਆ। ਇਨ੍ਹਾਂ ਗੁਰਦੁਆਰਿਆਂ ਵਿੱਚ ਨਤਮਸਤਕ ਹੁੰਦਾ ਹੋਇਆ ਨਿਹੰਗ ਸਿੰਘਾਂ ਦਾ ਮਹੱਲਾ ਖਾਲਸਾ ਸਕੂਲ ਦੇ ਮੈਦਾਨ ਵਿੱਚ ਪੁੱਜਾ, ਜਿੱਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਵਾਈਆਂ। ਮਹੱਲੇ ਵਿੱਚ ਨਿਹੰਗ ਸਿੰਘ ਦਲ, ਉਨ੍ਹਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ। ਸਥਾਨਕ ਸੰਗਤ ਵੱਲੋਂ ਵੀ ਇਸ ਮਹੱਲੇ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਨਿਹੰਗ ਸਿੰਘਾਂ ਦਾ ਸਨਮਾਨ ਵੀ ਕੀਤਾ।