ਇਥੋਂ ਦੀ ਮੰਡੀ ਦੀ ਬਗੇਹਰ ਪੱਤੀ ਵਿੱਚ ਨਿਹੰਗ ਝਿਰਮਲ ਸਿੰਘ ਨੇ ਆਪਣੇ ਦੋ ਚਾਚਿਆਂ ਰਘਵੀਰ ਸਿੰਘ ਬੀਰਾ ਅਤੇ ਸਰਬਜੀਤ ਸਿੰਘ ਨਿੱਕਾ ਪੁੱਤਰ ਅਰਜਨ ਸਿੰਘ ਅਤੇ ਚਾਚੀ ਇੰਦਰਜੀਤ ਕੌਰ ’ਤੇ ਸਾਥੀ ਦੀ ਮਦਦ ਨਾਲ ਕਿਰਪਾਨਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਧਨੌਲਾ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੇ ਡਾ. ਚਰਨਪ੍ਰੀਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਕੌਰ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਬਾਕੀ ਦੋਵੇਂ ਜ਼ਖ਼ਮੀਆਂ ਦਾ ਇਲਾਜ ਧਨੌਲਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।
ਹਸਪਤਾਲ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦੇ ਦਿੱਤੀ ਗਈ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਭੀਮ ਸਿੰਘ, ਸੁਖਪਾਲ ਸਿੰਘ ਤੇ ਮੁਹੱਲਾ ਵਾਸੀਆਂ ਨੇ ਪੁਲੀਸ ਤੋਂ ਮੰਗ ਕੀਤੀ ਕਿ ਇਹ ਵਿਅਕਤੀ ਪਹਿਲਾਂ ਵੀ ਇਨ੍ਹਾਂ ’ਤੇ ਕਈ ਵਾਰ ਹਮਲਾ ਕਰ ਚੁੱਕਿਆ ਹੈ। ਇਸ ਲਈ ਸਖ਼ਤ ਕਾਰਵਾਈ ਕੀਤੀ ਜਾਵੇ। ਥਾਣਾ ਧਨੌਲਾ ਦੇ ਇੰਚਾਰਜ ਲਖਵੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

