ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੇ ਅੱਜ ਭੂਮੀ ਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਜੀਤ ਸਿੰਘ ਨਿੱਝਰ ਨੇ 61 ਜੂਨੀਅਰ ਨਕਸ਼ਾ-ਨਵੀਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਮਿਉਂਸਿਪਲ ਭਵਨ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਡਾ. ਨਿੱਝਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਕਰਮਚਾਰੀਆਂ ਦੀ ਘਾਟ ਕਾਰਨ ਪ੍ਰਾਜੈਕਟਾਂ ਦੇ ਅਨੁਮਾਨਾਂ ਦੀ ਤਕਨੀਕੀ ਚੈਕਿੰਗ ਤੇ ਤਸਦੀਕੀਕਰਨ ਜਿਹੇ ਅਹਿਮ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਦਿੱਕਤ ਪੇਸ਼ ਆ ਰਹੀ ਸੀ ਤੇ ਇਸ ਬੈਚ ਦੇ ਆਉਣ ਨਾਲ ਵਿਭਾਗ ਨੂੰ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਨ੍ਹਾਂ ਮੁੱਦਿਆਂ ’ਤੇ ਕੰਮ ਕਰ ਰਹੀ ਹੈ ਤੇ ਖਾਲੀ ਪਈਆਂ ਅਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਭਰਨ ਦੇ ਉਪਰਾਲੇ ਜਾਰੀ ਹਨ।