ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਗਸਤ
ਪੰਜਾਬ ਸਰਕਾਰ ਨੇ ਬੁੱਢਾ ਨਾਲਾ ਕਾਰਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ 519 ਕਰੋੜ ਦੇ ਚੱਲ ਰਹੇ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਇਸ ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਬੁੱਢਾ ਨਾਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਗੰਦਾ ਪਾਣੀ ਪੈਣ ਤੋਂ ਰੋਕਣਾ ਹੈ। ਡਾ. ਨਿੱਜਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੁਧਿਆਣਾ ਵਿੱਚ ਉਦਯੋਗਾਂ ਦੇ ਵੱਡੀ ਪੱਧਰ ’ਤੇ ਵਧਣ ਕਾਰਨ ਬੁੱਢਾ ਨਾਲਾ ਬੁਰੀ ਤਰ੍ਹਾਂ ਪ੍ਰਦੂਸ਼ਤ ਹੋਇਆ ਹੈ। ਇਨ੍ਹਾਂ ਉਦਯੋਗਾਂ ਦੇ ਰਸਾਇਣ, ਧਾਤ ਅਤੇ ਡੇਅਰੀਆਂ ਦੇ ਬਚੇ-ਖੁਚੇ ਪਦਾਰਥ ਆਦਿ, ਬੁੱਢਾ ਨਾਲੇ ਵਿੱਚ ਪੈਣ ਨਾਲ ਲੋਕਾਂ ਦੇ ਜੀਵਨ ਲਈ ਗੰਭੀਰ ਖਤਰਾ ਪੈਦਾ ਹੋਇਆ।