ਚੰਡੀਗੜ੍ਹ: ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੇ ਕਿਹਾ ਕਿ ਨੀਤੀ ਆਯੋਗ ਕਿਸਾਨਾਂ ਦੀ ਆਮਦਨੀ ਵਿੱਚ ਵਾਧੇ ਲਈ, ਫ਼ਸਲੀ ਵਿਭਿੰਨਤਾ ਦੇ ਟੀਚਿਆਂ ਨੂੰ ਹਾਸਲ ਕਰਨ ਅਤੇ ਕਿਸਾਨ ਭਲਾਈ ਲਈ ਕੇਂਦਰੀ ਸਪਾਂਸਰਡ ਸਕੀਮਾਂ ਲਾਗੂ ਕਰਨ ਲਈ ਪੰਜਾਬ ਦੀ ਮਦਦ ਕਰੇਗਾ। ਅੱਜ ਇੱਥੇ ਉਨ੍ਹਾਂ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਪੇਂਡੂ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਸਹਿਮਤ ਹੋਏ ਹਨ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਪੰਜਾਬ ਨੂੰ ਕਣਕ ਅਤੇ ਝੋਨੇ ਦੇ ਚੱਕਰ ਤੋਂ ਬਾਹਰ ਕੱਢਣ ਲਈ ਪੂਰੀ ਮੱਦਦ ਕਰੇਗਾ। ਕਿਸਾਨੀ ਦੀ ਆਮਦਨ ਵਿੱਚ ਵਾਧੇ ਲਈ ਨਗਦੀ ਫਸਲਾਂ ਦੀ ਕਾਸ਼ਤ ਅਤੇ ਸਹਾਇਕ ਖੇਤੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰੇਗਾ। ਉੁਨ੍ਹਾਂ ਦੱਸਿਆ ਕਿ ਨੀਤੀ ਆਯੋਗ ਵੱਲੋਂ ਬਿਨਾਂ ਕਿਸੇ ਭੇਦ-ਭਾਵ ਦੇ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਿੱਚ ਸੂਬਿਆਂ ਦੀ ਹਰ ਸੰਭਵ ਮੱਦਦ ਕੀਤੀ ਜਾਂਦੀ ਹੈ। ਸੂਬਿਆਂ ਦੀ ਅਫਸਸ਼ਾਹੀ ਨੂੰ ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਜਵਾਬ ਦੇਹ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਸਕੀਮਾਂ ਲੈਣ ਲਈ ਸੂਬਿਆਂ ਨੂੰ ਕਿਸੇ ਅੱਗੇ ਬੇਨਤੀਆਂ ਕਰਨ ਦੀ ਕੋਈ ਲੋੜ ਨਹੀਂ ਬਲਕਿ ਇਹ ਉਨ੍ਹਾਂ ਦਾ ਹੱਕ ਹੈ। ਖੇਤੀ ਮੰਤਰੀ ਨੇ ਨੀਤੀ ਆਯੋਗ ਤੋਂ ਪੰਜਾਬ ਅਤੇ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਆਪਸੀ ਤਾਲਮੇਲ ਲਈ ਨੀਤੀ ਆਯੋਗ ਨਾਲ ਰਾਬਤਾ ਕਰਨ ਵਾਸਤੇ ਦੋ ਆਈਏਐੱਸ ਅਫਸਰਾਂ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਸ ਮੌਕੇ ਇਹ ਵੀ ਫ਼ੈਸਲਾ ਹੋਇਆ ਕਿ ਨੀਤੀ ਆਯੋਗ ਦਾ ਵਫ਼ਦ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਕਰਨ ਲਈ ਜਲਦ ਪੰਜਾਬ ਆਵੇਗਾ। -ਟ੍ਰਿਬਿਊਨ ਨਿਊਜ਼ ਸਰਵਿਸ