ਜੋਗਿੰਦਰ ਸਿੰਘ ਮਾਨ
ਮਾਨਸਾ, 22 ਜੁਲਾਈ
ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਜੇਲ੍ਹ ਵਿਚੋਂ ਰਿਹਾਈ ਲਈ ਜ਼ਿਲ੍ਹਾ ਕਚਹਿਰੀ ਵਿੱਚ ਧਰਨਾ ਜਾਰੀ ਹੈ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸੇਵਾਮੁਕਤ ਫੌਜੀ ਭੀਮ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਐਕਸ਼ਨ ਕਮੇਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਤੋਂ ਮੰਗ ਕੀਤੀ ਗਈ ਕਿ ਪਰਵਿੰਦਰ ਝੋਟਾ ਦਾ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਉਠਾਇਆ ਜਾਵੇ, ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਪੁਲੀਸ ਮੁਲਾਜ਼ਮਾਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾਵੇ ਅਤੇ ਇਸ ਧੰਦੇ ਵਿੱਚ ਸ਼ਾਮਲ ਪਾਏ ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਵੱਲੋਂ ਬਣਾਈ ਜਾਇਦਾਦ ਨੂੰ ਕੁਰਕ ਕੀਤਾ ਜਾਵੇ।
ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ਨੂੰ ਵਿਧਾਨ ਸਭਾ ਵਿੱਚ ਉਠਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਵਿਧਾਨ ਸਭਾ ਵਿਚ ਨਸ਼ਿਆਂ ਦੇ ਮਾਮਲੇ ਨੂੰ ਉਠਾ ਚੁੱਕੇ ਹਨ ਪਰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਪਰਵਿੰਦਰ ਨੇ ਨਵੀਂ ਲਹਿਰ ਆਰੰਭ ਕੀਤੀ ਸੀ ਤੇ ਉਹ ਕਾਂਗਰਸ ਪਾਰਟੀ ਸਮੇਤ ਨਿੱਜੀ ਤੌਰ ’ਤੇ ਉਸ ਦਾ ਹਰ ਤਰ੍ਹਾਂ ਸਾਥ ਦੇਣਗੇ।
ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਕਨਵੀਨਰ ਰਾਜਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਐਕਸ਼ਨ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਰੋਜ਼ਾਨਾ ਇੱਕ ਜਥਾ ਧਰਨੇ ਵਿੱਚ ਪੁੱਜੇਗਾ। ਉਨ੍ਹਾਂ ਦੱਸਿਆ ਕਿ ਮਾਨਸਾ ਦੇ ਐਸਐਸਪੀ ਨੇ ਨਸ਼ਾ ਤਸਕਰਾਂ ਅਤੇ ਪਰਵਿੰਦਰ ਸਿੰਘ ਖਿਲਾਫ਼ 307 ਦਾ ਗਲਤ ਪਰਚਾ ਦਰਜ ਕਰਨ ਵਾਲੇ ਡੀਐੱਸਪੀ ਅਤੇ ਏਐੱਸਆਈ ਉੱਪਰ ਕਾਰਵਾਈ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਸੀ ਪਰ ਇਸ ਦੀ ਥਾਂ ਉਨ੍ਹਾਂ ਨੇ ਉਲਟਾ ਕਸੂਰਵਾਰਾਂ ਦਾ ਪੱਖ ਲੈਂਦਿਆਂ ਪਰਵਿੰਦਰ ਨੂੰ ਗ੍ਰਿਫਤਾਰ ਕਰਵਾ ਕੇ ਜੇਲ੍ਹ ਭੇਜ ਦਿੱਤਾ, ਜਿਸ ਕਰਕੇ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ 14 ਅਗਸਤ ਤੋਂ ਪਹਿਲਾਂ ਤਲਵੰਡੀ ਸਾਬੋ ਅਤੇ ਬਠਿੰਡਾ ਵਿੱਚ ਇਕੱਠ ਕੀਤਾ ਜਾਵੇਗਾ ਅਤੇ 14 ਅਗਸਤ ਨੂੰ ਮਾਨਸਾ ਵਿੱਚ ਰੈਲੀ ਕੱਢੀ ਜਾਵੇਗੀ। ਇਸ ਮੌਕੇ ’ਤੇ ਹਲਕਾ ਮਾਨਸਾ ਅਤੇ ਮੌੜ ਤੋਂ ਸਾਬਕਾ ਕਾਂਗਰਸੀ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਜਗਦੇਵ ਸਿੰਘ ਕਮਾਲੂ, ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਵੀ ਮੌਜੂਦ ਸਨ।