ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆ ਕਰਕੇ ਭਾਰਤ ਸਰਕਾਰ ਵੱਲੋਂ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਸ਼ਿਵਰਾਜ ਚੌਹਾਨ
ਰੱਖੜ ਪੁੰਨਿਆ ਮੌਕੇ ਭਾਜਪਾ ਦੀ ਪਲੇਠੀ ਕਾਨਫਰੰਸ
ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆ ਕਰਕੇ ਕਿਸੇ ਵੀ ਦੇਸ਼ ਨਾਲ ਕੋਈ ਅਜਿਹਾ ਸਮਝੌਤਾ ਨਹੀਂ ਕੀਤਾ ਜਾਵੇਗਾ ਜੋ ਕਿਸਾਨਾਂ ਦਾ ਨੁਕਸਾਨ ਕਰੇ। ਇਹ ਸ਼ਬਦ ਅੱਜ ਰੱਖੜ ਪੁੰਨਿਆ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਛਾਪਿਆਂਵਾਲੀ ਦੇ ਸਾਹਮਣੇ ਜਲੰਧਰ-ਬਟਾਲਾ ਰੋਡ ਉੱਤੇ ਪਲੇਠੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਹੇ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਿੰਨੇ ਵੀ ਸਮਝੌਤੇ ਕੀਤੇ ਗਏ ਹਨ, ਉਹ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਭਾਰਤ ਦਾ ਕੋਈ ਸਮਝੌਤਾ ਨਹੀਂ ਹੋਇਆ, ਸਿਰਫ਼ ਗੱਲਬਾਤ ਚੱਲ ਰਹੀ ਹੈ।
ਕੇਂਦਰੀ ਮੰਤਰੀ ਚੌਹਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਰੱਖੜ ਪੁੰਨਿਆ ਮੌਕੇ ਅੱਜ ਪੰਜਾਬ ਵਿੱਚ ਪਲੇਠੀ ਕਾਨਫ਼ਰੰਸ ਹੈ ਅਤੇ ਪਾਰਟੀ ਨੇ ਸੰਕਲਪ ਲਿਆ ਹੈ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਵੇਚਣ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਨਾਲ ਖੜ੍ਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਬਾਰੇ ਬੋਲਦਿਆਂ ਕਿਹਾ ਕਿ ਇਹ ਤਾਂ ਆਪਸ ਵਿੱਚ ਹੀ ਲੜ ਰਹੇ ਹਨ, ਇਨ੍ਹਾਂ ਨੇ ਰਾਜ ਕੀ ਕਰਨਾ ਹੈ।
ਉਨ੍ਹਾਂ ਭਾਜਪਾ ਅਤੇ ਅਕਾਲੀ ਗਠਜੋੜ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਪਹਿਲੂਆਂ ਉੱਤੇ ਗੱਲਬਾਤ ਚੱਲ ਰਹੀ ਹੈ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਰਾਜ ਸਭਾ ਮੈਂਬਰ ਤਰੁਣ ਚੁੱਘ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਭਾਜਪਾ ਲੀਡਰਸ਼ਿਪ ਹਾਜ਼ਰ ਰਹੀ।

