ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਅੱਜ ਇੱਥੇ ਕਿਹਾ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਗਏ ਫੈਸਲੇ ਵਿਰੁੱਧ ਸਿੱਖਾਂ ਵਿਚ ਭਾਰੀ ਰੋਸ ਹੈ ਅਤੇ 7 ਅਕਤੂਬਰ ਨੂੰ ਪੰਜਾਬ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ ਵਿਖੇ ਕੱਢੇ ਜਾ ਰਹੇ ਰੋਸ ਮਾਰਚ ਕੇਂਦਰ ਅਤੇ ਪੰਜਾਬ ਸਰਕਾਰ ਦੀਆ ਜੜ੍ਹਾਂ ਹਿਲਾ ਕੇ ਰੱਖ ਦੇਣਗੇ। ਭਾਈ ਚਾਵਲਾ ਨੇ ਦੱਸਿਆ ਕਿ 7 ਅਕਤੂਬਰ ਨੂੰ ਤਖ਼ਤ ਕੇਸਗੜ੍ਹ ਸਾਹਿਬ ਤੋਂ ਕੱਢੇ ਜਾ ਰਹੇ ਮਾਰਚ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਕਰਨਗੇ। ਇਹ ਮਾਰਚ ਅੰਮ੍ਰਿਤਸਰ ਪੁੱਜੇਗਾ। ਭਾਈ ਚਾਵਲਾ ਨੇ ਕਿਹਾ ਕਿ ਇਸ ਮਾਰਚ ਸਬੰਧੀ ਇਲਾਕੇ ਦੀਆਂ ਸੰਗਤਾਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਪਿੰਡਾਂ ਵਿਚ ਇਸ ਮਾਰਚ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਹਰਦੇਵ ਸਿੰਘ ਮੀਤ ਮੈਨੇਜਰ, ਸਤਨਾਮ ਸਿੰਘ ਝੱਜ, ਸੁਖਬੀਰ ਸਿੰਘ ਕਲਮਾਂ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ