ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਜੂਨ
ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਯਾਦਗਾਰੀ ਟਰੱਸਟ ਦੇ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਆਖਿਆ ਕਿ ਜੱਲ੍ਹਿਆਂਵਾਲਾ ਬਾਗ਼ ਵਿਚ ਦਾਖ਼ਲਾ ਟਿਕਟ ਲਾਉਣ ਦਾ ਕੋਈ ਫ਼ੈਸਲਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਕੇਂਦਰ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰਾਲੇ ਹੇਠ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਯਾਦਗਾਰ ਹੈ, ਕੋਈ ਸੈਲਾਨੀ ਜਾਂ ਸੈਰ ਸਪਾਟਾ ਕੇਂਦਰ ਨਹੀਂ ਹੈ, ਇੱਥੇ ਦਾਖ਼ਲਾ ਟਿਕਟ ਨਹੀਂ ਲਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫ਼ੈਸਲਾ ਟਰੱਸਟ ਵੱਲੋਂ ਕੀਤਾ ਜਾਣਾ ਹੈ ਪਰ ਹੁਣ ਤੱਕ ਟਰੱਸਟ ਦੀਆਂ ਮੀਟਿੰਗਾਂ ਵਿੱਚ ਇਸ ਸਬੰਧੀ ਕਦੇ ਕੋਈ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੰਤਰਾਲਾ ਵੀ ਟਰੱਸਟ ਦੀ ਸਹਿਮਤੀ ਤੋਂ ਬਿਨਾਂ ਆਪਣੇ ਤੌਰ ’ਤੇ ਦਾਖ਼ਲਾ ਟਿਕਟ ਲਾਉਣ ਦਾ ਫ਼ੈਸਲਾ ਨਹੀਂ ਕਰ ਸਕਦਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਮੰਨਿਆ ਕਿ ਇੱਥੇ ਦਾਖ਼ਲੇ ਨੇੜੇ ਅਜਿਹਾ ਇਮਾਰਤੀ ਢਾਂਚਾ ਉਸਾਰਿਆ ਹੋਇਆ ਹੈ ਜੋ ਇਹ ਸ਼ੱਕ ਪੈਦਾ ਕਰਦਾ ਹੈ ਕਿ ਇੱਥੇ ਜਲਦੀ ਹੀ ਦਾਖ਼ਲਾ ਟਿਕਟ ਲਾਈ ਜਾਵੇਗੀ ਪਰ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇੱਥੇ ਕੰਮ ਕਰ ਰਹੀ ਏਜੰਸੀ ਨੂੰ ਆਖ ਚੁੱਕੇ ਹਨ ਕਿ ਇਸ ਨੂੰ ਇੱਥੋਂ ਹਟਾਇਆ ਜਾਵੇ।
ਜ਼ਿਕਰਯੋਗ ਹੈ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਭਲਕੇ 16 ਜੂਨ ਨੂੰ ਇਸ ਸਬੰਧੀ ਅੰਮ੍ਰਿਤਸਰ ਦੇ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਕਮੇਟੀ ਨੇ 19 ਜੂਨ ਨੂੰ ਇਸ ਸਬੰਧੀ ਚਰਚਾ ਲਈ ਮੀਟਿੰਗ ਸੱਦੀ ਹੈ।