ਜੋਗਿੰਦਰ ਸਿੰਘ ਮਾਨ
ਮਾਨਸਾ, 28 ਅਕਤੂਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਅਤੇ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਗੁਲਾਬੀ ਸੁੰਡੀ, ਮੀਂਹ-ਝੱਖੜ ਅਤੇ ਗੜਿਆਂ ਨਾਲ ਬਰਬਾਦ ਹੋਈਆਂ ਫ਼ਸਲਾਂ ਕਾਰਨ ਨਿਰਾਸ਼ ਹੋ ਕੇ ਖ਼ੁਦਕੁਸ਼ੀ ਵਰਗਾ ਕਦਮ ਨਾ ਚੁੱਕਣ। ਕੇਜਰੀਵਾਲ ਨੇ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਦੀ ਮੌਜੂਦਾ ਚੰਨੀ ਸਰਕਾਰ ਲਾਗਤ ਖ਼ਰਚਿਆਂ ਅਨੁਸਾਰ ਢੁਕਵਾਂ ਮੁਆਵਜ਼ਾ ਦੇਣ ’ਚ ਅਸਫ਼ਲ ਰਹਿੰਦੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 30 ਅਪਰੈਲ 2022 ਤੱਕ ਬਣਦਾ ਮੁਆਵਜ਼ਾ ਦੇਵੇਗੀ। ਉਹ ਅੱਜ ਇੱਥੇ ਕਿਸਾਨਾਂ ਨਾਲ ਰੂਬਰੂ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲੀ ਅਪਰੈਲ 2022 ਤੋਂ ਬਾਅਦ ਪੰਜਾਬ ਦੇ ਕਿਸਾਨ-ਕਿਰਤੀ ਅਤੇ ਮਜ਼ਦੂਰ ਫ਼ਸਲਾਂ ਦੇ ਖ਼ਰਾਬੇ ਕਾਰਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਨਹੀਂ ਹੋਣਗੇ। ਉਨ੍ਹਾਂ ਵਾਅਦਾ ਕਰਦਿਆਂ ਕਿਹਾ ਕਿ ਉਹ ਜੋ ਕਹਿੰਦੇ ਹਨ, ਉਹ ਕਰ ਕੇ ਦਿਖਾਉਂਦੇ ਹਨ। ਉਨ੍ਹਾ ਕਿਹਾ ਕਿ 30 ਅਪਰੈਲ 2022 ਤੱਕ ਹਰੇਕ ਪ੍ਰਭਾਵਿਤ ਕਿਸਾਨ-ਮਜ਼ਦੂਰ ਦੇ ਖਾਤੇ ’ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪਹੁੰਚ ਜਾਵੇਗਾ। ਇਸ ਦੌਰਾਨ ਉਨ੍ਹਾਂ ਟਿਕਰੀ ਬਾਰਡਰ ’ਤੇ ਵਾਪਰੇ ਹਾਦਸੇ ’ਚ ਸ਼ਹੀਦ ਹੋਈਆਂ ਪਿੰਡ ਖੀਵਾ ਦਿਆਲੂਵਾਲਾ (ਮਾਨਸਾ) ਦੀਆਂ ਤਿੰਨ ਬੀਬੀਆਂ ਨੂੰ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਕੋਈ ਕਿਸਾਨ ਖ਼ੁਦਕੁਸ਼ੀ ਕਰਦਾ ਹੈ ਤਾਂ ਉਨ੍ਹਾਂ ਨੂੰ ਬਹੁਤ ਦੁੱਖ ਹੁੰਦਾ ਹੈ, ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ ਪਰ ਹੋਰਨਾਂ ਪਾਰਟੀਆਂ ਤੇ ਆਗੂਆਂ ਨੂੰ ਕੋਈ ਦੁੱਖ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਜਦੋਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਉੱਥੇ ਵੀ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਈਆਂ ਸਨ ਅਤੇ ਉਨ੍ਹਾਂ ਦੀ ਸਰਕਾਰ ਨੇ 20 ਹਜ਼ਾਰ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਫ਼ੋਟੋਆਂ ਜ਼ਰੂਰ ਖਿਚਵਾ ਲਈਆਂ ਅਤੇ ਬੱਸਾਂ ’ਤੇ ਵੀ ਲਾ ਲਈਆਂ, ਪਰ ਕਿਸਾਨਾਂ ਨੂੰ ਨਾ ਗੁਲਾਬੀ ਸੁੰਡੀ ਅਤੇ ਨਾ ਹੀ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਕੋਈ ਮੁਆਵਜ਼ਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਨਕਲ ਕਰਨੀ ਸੌਖੀ ਹੈ, ਪਰ ਅਮਲ ਕਰਨਾ ਬਹੁਤ ਔਖਾ ਹੈ, ਜਿਸ ਲਈ ਪੰਜਾਬ ਦੇ ਲੋਕ ਨਕਲ ਕਰਨ ਵਾਲਿਆਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ ਕਿਉਂਕਿ ਉਨ੍ਹਾਂ ਦੇ ਸਾਹਮਣੇ ਅਸਲੀ ਕੇਜਰੀਵਾਲ ਖੜ੍ਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਕੇਜਰੀਵਾਲ ਦਾ ਰੂਬਰੂ ਸਮਾਗਮ, ਨਾ ਕੋਈ ਸਿਆਸੀ ਰੈਲੀ ਹੈ ਅਤੇ ਨਾ ਹੀ ਕੋਈ ਸਿਆਸੀ ਸ਼ਕਤੀ ਪ੍ਰਦਰਸ਼ਨ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਕਿਸਾਨਾਂ-ਖੇਤ ਮਜ਼ਦੂਰਾਂ ਅਤੇ ਖੇਤੀਬਾੜੀ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਸੁਝਾਅ ਇਕੱਠੇ ਕਰਨ ਦਾ ਉਪਰਾਲਾ ਹੈ, ਜਿਸ ਦੇ ਆਧਾਰ ’ਤੇ ਪਾਰਟੀ ਆਪਣਾ ਚੋਣ ਮੈਨੀਫੈਸਟੋ ਤਿਆਰ ਕਰੇਗੀ।
ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ-ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਮੌਜੂਦ ਸਨ। ਇਸ ਮੌਕੇ ਮੰਚ ਸੰਚਾਲਨ ਪ੍ਰੋ. ਬਲਜਿੰਦਰ ਕੌਰ ਨੇ ਕੀਤਾ।