ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 16 ਫਰਵਰੀ
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਦੇ ਨੌਜਵਾਨ ਅਤੇ ਕਿਸਾਨ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਘੇਰ ਕੇ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਸਵਾਲ ਕਰ ਰਹੇ ਹਨ। ਦੀਪ ਸਿੰਘ ਵਾਲਾ ਆਬਾਦੀ ਵਜੋਂ ਫ਼ਰੀਦਕੋਟ ਜ਼ਿਲ੍ਹੇ ਦਾ ਤੀਜਾ ਸਭ ਤੋਂ ਵੱਡਾ ਪਿੰਡ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਇਸੇ ਹੀ ਪਿੰਡ ਦੇ ਵਸਨੀਕ ਹਨ। ਪਿੰਡ ਦੇ ਨੌਜਵਾਨ ਨੌਨਿਹਾਲ ਸਿੰਘ, ਦੁਨੀ ਸਿੰਘ ਅਤੇ ਨਗਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਪੰਜਾਬ ਦੇ ਮਸਲਿਆਂ ਦੀ ਗੱਲ ਨਹੀਂ ਕੀਤੀ। ਸਾਰੇ ਆਪਣੀ ਸਿਆਸਤ ਚਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਬੇਰੁਜ਼ਗਾਰੀ ਤੇ ਨਸ਼ੇ ਸਿਖਰ ’ਤੇ ਹਨ। ਸਿਹਤ ਸੇਵਾਵਾਂ ਕਿਤੇ ਨਜ਼ਰ ਨਹੀਂ ਆਉਂਦੀਆਂ।
ਨੌਨਿਹਾਲ ਸਿੰਘ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਪੰਜਾਬ ਤੇ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਜਵਾਬ ਦੇਣ ਦੀ ਥਾਂ ਧਮਕੀਆਂ ਦੇ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਹੈ। ਇੱਕ ਦਿਨ ਪਹਿਲਾਂ ਹੀ ਇੱਥੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਘੇਰ ਕੇ ਸਵਾਲ ਪੁੱਛੇ ਸਨ, ਜਿਨ੍ਹਾਂ ਨੇ ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੱਤਾ। ਇਸੇ ਤਰ੍ਹਾਂ ਕਾਂਗਰਸੀ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਨੌਜਵਾਨਾਂ ਨੂੰ ਚੁੱਪ ਰਹਿਣ ਦੀ ਨਸੀਹਤ ਦੇ ਕੇ ਚਲੇ ਗਏ। ਭਾਜਪਾ ਦੇ ਉਮੀਦਵਾਰ ਗੌਰਵ ਕੱਕੜ ਨੂੰ ਵੀ ਨੌਜਵਾਨਾਂ ਵੱਲੋਂ ਸਵਾਲ ਪੁੱਛੇ ਗਏ।