ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੋਈ ਧਿਰ ਅਕਾਲ ਤਖ਼ਤ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ: ਗੜਗੱਜ

ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਦਾ ਮਾਮਲਾ ਲਟਕਿਆ
ਅਕਾਲ ਤਖਤ ਦੀ ਫ਼ਸੀਲ ਤੋਂ ਫ਼ੈਸਲਾ ਸੁਣਾਉਂਦੇ ਹੋਏ ਪੰਜ ਸਿੰਘ ਸਾਹਿਬਾਨ -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਅਕਾਲ ਤਖ਼ਤ ਤੋਂ ਸ਼੍ੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਭਰਤੀ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਮੰਗ ਦਾ ਮਾਮਲਾ ਫਿਲਹਾਲ ਲਟਕ ਗਿਆ ਜਾਪਦਾ ਹੈ। ਭਰਤੀ ਕਮੇਟੀ ਵੱਲੋਂ ਭਰਤੀ ਸਬੰਧੀ ਮੁਹਿੰਮ ਅਤੇ ਡੈਲੀਗੇਟ ਚੁਣਨ ਦੀ ਮੁਹਿੰਮ ਮੁਕੰਮਲ ਕਰਨ ਤੋਂ ਬਾਅਦ 11 ਅਗਸਤ ਨੂੰ ਪ੍ਰਧਾਨ ਦੀ ਚੋਣ ਲਈ ਇਜਲਾਸ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਗਈ ਸੀ ਕਿ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦਿੱਤਾ ਜਾਵੇ। ਸ੍ਰੀ ਧਾਮੀ ਨੇ ਅਗਲੇਰੀ ਕਾਰਵਾਈ ਲਈ ਇਹ ਪੱਤਰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੂੰ ਭੇਜ ਦਿੱਤਾ ਸੀ ਪਰ ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਸ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ। ਸਗੋਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਅਕਾਲ ਤਖ਼ਤ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ।

ਇਸ ਸਬੰਧੀ ਪਾਸ ਕੀਤੇ ਮਤੇ ਵਿਚ ਪੰਜ ਸਿੰਘ ਸਾਹਿਬਾਨ ਨੇ ਕਿਹਾ ਕਿ ਵੱਖ-ਵੱਖ ਸਿੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮਾਮਲਾ ਵਿਚਾਰਿਆ, ਜਿਨ੍ਹਾਂ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ ਕਿ ਕੁਝ ਧਿਰਾਂ ਸਿਆਸੀ ਲਾਭ ਦੀ ਪ੍ਰਾਪਤੀ ਲਈ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਦਾ ਦਾਅਵਾ ਕਰ ਰਹੀਆਂ ਹਨ। ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ, 2024 ਨੂੰ ਜਾਰੀ ਕੀਤੇ ਗਏ ਆਦੇਸ਼ ਦੇ ਸਬੰਧ ਵਿੱਚ ਅੱਜ ਦੇ ਆਪਣੇ ਆਦੇਸ਼ ਵਿੱਚ ਕਿਹਾ ਕਿ ਸਾਰੀਆਂ ਅਕਾਲੀ ਧਿਰਾਂ ਨੂੰ ਆਪਣੇ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕਜੁਟ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਜੇ 2 ਦਸੰਬਰ ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਅਕਾਲ ਤਖ਼ਤ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ। ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਅਕਾਲ ਤਖ਼ਤ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਖ਼ਾਲਸਾ ਪੰਥ ਦੇ ਵਡੇਰੇ ਹਿਤਾਂ, ਪੰਜਾਬ ਦੀ ਜ਼ਮੀਨ ਨੂੰ ਬਚਾਉਣ, ਸਿੱਖ ਪਛਾਣ ਤੇ ਕਕਾਰਾਂ ਨੂੰ ਦਰਪੇਸ਼ ਚੁਣੌਤੀਆਂ, ਮੌਜੂਦਾ ਤਕਨੀਕੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਯੁੱਗ ਅੰਦਰ ਸਿੱਖ ਇਤਿਹਾਸ, ਸਿਧਾਂਤ ਅਤੇ ਪਾਵਨ ਗੁਰਬਾਣੀ ਨਾਲ ਛੇੜਛਾੜ ਅਤੇ ਦੇਸ਼-ਵਿਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲਿਆਂ ਨੂੰ ਨਜਿੱਠਣ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਨੂੰ ਲਾਮਬੰਦੀ ਕਰਕੇ ਇੱਕਜੁਟ ਹੋ ਕੇ ਚੱਲਣ ਲਈ ਆਖਿਆ। ਇਸ ਦੌਰਾਨ ਭਰਤੀ ਕਮੇਟੀ ਦੇ ਬੁਲਾਰੇ ਨੇ ਅੱਜ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਜਾਰੀ ਹੋਏ ਆਦੇਸ਼ ਬਾਰੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਦੋ ਦਸੰਬਰ ਦੇ ਹੁਕਮਨਾਮੇ ਤੋਂ ਬਾਅਦ ਚੁੱਲ੍ਹਾ ਨਹੀਂ ਸਮੇਟਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਾਦਲ ਧੜੇ ਵਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਅਕਾਲ ਤਖ਼ਤ ਦੀ ਸਰਪ੍ਰਸਤੀ ਸਿਰਫ ਉਨ੍ਹਾਂ ਕੋਲ ਹੈ, ਇਸ ਬਾਰੇ ਅੱਜ ਦੇ ਆਦੇਸ਼ ਨੇ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਕਮਨਾਮੇ ਨੂੰ ਇੰਨ ਬਿੰਨ ਮੰਨਣ ਦੀ ਬਜਾਏ ਆਪਣਾ ਚੁੱਲ੍ਹਾ ਬਾਲ ਕੇ ਰੱਖਣ ਵਾਲੇ ਧੜੇ ਨੂੰ ਇਹ ਸਖ਼ਤ ਤਾੜਨਾ ਕੀਤੀ ਗਈ ਹੈ।

Advertisement

Advertisement