ਚੰਡੀਗੜ੍ਹ: ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਿਹਾ ਕਿ ਸੂਬੇ ਵਿਚਲੀਆਂ ਅਣਅਧਿਕਾਰਤ ਕਾਲੋਨੀਆਂ ਦੇ ਜਿਨ੍ਹਾਂ ਵਸਨੀਕਾਂ ਕੋਲ ਐੱਨਓਸੀ ਹੋਵੇਗੀ, ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਵੇਲੇ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਹਾ ਅਣਅਧਿਕਾਰਤ ਕਾਲੋਨੀਆਂ ਵਿਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐੱਨਓਸੀ ਵਾਸਤੇ ਅਰਜ਼ੀਆਂ ਦੇ ਤੁਰੰਤ ਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇੱਕ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੀ ਪ੍ਰਕਿਰਿਆ ਆਨਲਾਈਨ ਹੈ। ਮਾਲ ਮੰਤਰੀ ਨੇ ਕਿਹਾ ਕਿ ਐੱਨਓਸੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਸਬੰਧਤ ਜਾਇਦਾਦ ਮਾਲਕ ਬਣਦੀ ਸਰਕਾਰੀ ਫ਼ੀਸ ’ਤੇ ਰਜਿਸਟਰੀ ਕਰਵਾ ਸਕਦਾ ਹੈ। -ਟ.ਨ.ਸ.