ਪੰਜਾਬ ’ਚ ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐੱਨ ਓ ਸੀ ਦੀ ਲੋੜ ਨਹੀਂ
ਪੰਜਾਬ ਸਰਕਾਰ ਨੇ ਸੂਬੇ ਵਿੱਚ ਨਵੇਂ ਬਿਜਲੀ ਕੁਨੈਕਸ਼ਨ ਲੈਣ ਵਾਲੇ ਬਿਨੈਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਵੱਖ-ਵੱਖ ਵਿਭਾਗਾਂ ਵੱਲੋਂ ਲਈ ਜਾਣ ਵਾਲੀ ਐੱਨ ਓ ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਹੁਣ ਬਿਨੈਕਾਰ ਦੇ ਅਸ਼ਟਾਮ ਦੇ ਆਧਾਰ ’ਤੇ ਹੀ ਨਵਾਂ ਬਿਜਲੀ ਕੁਨੈਕਸ਼ਨ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਵੱਲੋਂ ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਪੱਤਰ ਦੇ ਆਧਾਰ ’ਤੇ ਇਤਰਾਜ਼-ਨਹੀਂ ਸਰਟੀਫੀਕੇਟ (ਐੱਨ ਓ ਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕੀਤਾ ਜਾਵੇਗਾ। ਪਹਿਲਾਂ ਨਵਾਂ ਬਿਜਲੀ ਕੁਨੈਕਸ਼ਨ ਲੈਣ ਸਮੇਂ ਬਿਨੈਕਾਰਾਂ ਨੂੰ ਸਥਾਨਕ ਅਥਾਰਟੀਆਂ ਐੱਮ ਸੀਜ਼, ਗਮਾਡਾ, ਗਲਾਡਾ, ਜੇ ਡੀ ਏ, ਏ ਡੀ ਏ, ਪੀ ਡੀ ਏ ਜਾਂ ਬੀ ਡੀ ਏ ਵੱਲੋਂ ਜਾਰੀ ਐੱਨ ਓ ਸੀ, ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨਗੀਆਂ ਜਮਾਂ ਕਰਾਉਣੀਆਂ ਪੈਂਦੀਆਂ ਸਨ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਪ੍ਰਵਾਨਗੀਆਂ ਮਿਲਣ ਵਿੱਚ ਦੇਰੀ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਬਿਨੈਕਾਰ ਵੱਲੋਂ ਗਰੰਟੀ ਪੱਤਰ ਲਿਆ ਜਾਵੇਗਾ, ਜਿਸ ਵਿੱਚ ਕਿਸੇ ਵੀ ਯੋਗ ਅਥਾਰਟੀ ਦੁਆਰਾ ਬਾਅਦ ਵਿੱਚ ਇਮਾਰਤ ਨੂੰ ਗੈਰ-ਕਾਨੂੰਨੀ ਜਾਂ ਅਣਅਧਿਕਾਰਤ ਘੋਸ਼ਿਤ ਕਰਨ ਦੀ ਸੂਰਤ ਵਿੱਚ ਉਸ ਦਾ ਬਿਜਲੀ ਕੁਨੈਕਸ਼ਨ ਕੱਟਿਆ ਜਾ ਸਕਦਾ ਹੈ ਤਾਂ ਸਪਲਾਈ ਕੋਡ 2024 ਦੇ ਲਾਗੂ ਉਪਬੰਧਾਂ ਤਹਿਤ ਸਾਰੇ ਬਿਨੈਕਾਰਾਂ ਨੂੰ ਬਿਜਲੀ ਸਪਲਾਈ ਕੁਨੈਕਸ਼ਨ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਬਿਨੈਕਾਰ ਨੂੰ ਸਪਲਾਈ ਕੋਡ 2024 ਮੁਤਾਬਕ ਭੁਗਤਾਨ ਯੋਗ ਸਾਰੇ ਆਮ ਲਾਗੂ ਖਰਚਿਆਂ ਤੋਂ ਇਲਾਵਾ ਨਿਪਟਾਰਾ ਕਰਨ ਸਬੰਧੀ ਖਰਚੇ (ਡਿਸਮੈਂਟਲਮੈਂਟ ਚਾਰਜ) ਨੂੰ ਕਵਰ ਕਰਨ ਲਈ ਸੁਰੱਖਿਆ ਵਜੋਂ ਸਰਵਿਸ ਕੁਨੈਕਸ਼ਨ ਚਾਰਜਾਂ ਦੇ ਬਰਾਬਰ ਰਕਮ ਅਦਾ ਕਰਨੀ ਪੈਂਦੀ ਹੈ। ਮੰਤਰੀ ਨੇ ਕਿਹਾ ਕਿ ਬਿਜਲੀ ਕੁਨੈਕਸ਼ਨ ਪ੍ਰਾਪਤ ਕਰਨ ਸਬੰਧੀ ਅਰਜ਼ੀ ਫਾਰਮਾਂ ਦੇ ਸਰਲੀਕਰਨ ਅਤੇ ਰਿਕਾਰਡਾਂ ਦਾ ਡਿਜੀਟਲੀਕਰਨ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਾਵਰਕੌਮ ਨੇ ਫੈਸਲਾ ਕੀਤਾ ਸੀ ਕਿ ਐੱਲ ਟੀ (ਲੋਅ ਟੈਂਸ਼ਨ) ਸ਼੍ਰੇਣੀ ਤਹਿਤ 50 ਕਿਲੋਵਾਟ ਤੱਕ ਦੇ ਲੋਡ ਵਿੱਚ ਨਵੇਂ ਕੁਨੈਕਸ਼ਨ ਜਾਂ ਤਬਦੀਲੀਆਂ ਦੀ ਮੰਗ ਕਰਨ ਵਾਲੇ ਬਿਨੈਕਾਰਾਂ ਜਾਂ ਖਪਤਕਾਰਾਂ ਨੂੰ ਇਮਾਰਤ ਵਿੱਚ ਬਿਜਲੀ ਕੁਨੈਕਸ਼ਨ ਲਗਾਉਣ ਲਈ ਕਿਸੇ ਲਾਇਸੰਸਸ਼ੁਦਾ ਇਲੈਕਟ੍ਰੀਕਲ ਠੇਕੇਦਾਰ ਤੋਂ ਕੋਈ ਟੈਸਟ ਰਿਪੋਰਟ ਜਾਂ ਕੋਈ ਸਵੈ-ਪ੍ਰਮਾਣੀਕਰਨ/ਦਸਤਖਤ ਕੀਤੇ ਦਸਤਾਵੇਜ਼ ਜਮਾਂ ਕਰਨ ਦੀ ਲੋੜ ਨਹੀਂ ਹੋਵੇਗੀ। ਬਿਨੈਕਾਰ ਵੱਲੋਂ ਆਨਲਾਈਨ ਅਰਜ਼ੀ ਫਾਰਮ ਵਿੱਚ ਇੱਕ ਘੋਸ਼ਣਾ ਸ਼ਾਮਲ ਦੇ ਆਧਆਰ ’ਤੇ ਹੀ ਨਵਾਂ ਕੁਨੈਕਸ਼ਨ ਲਿਆ ਜਾ ਸਕੇਗਾ।
