ਗਗਨਦੀਪ ਅਰੋੜਾ
ਲੁਧਿਆਣਾ, 18 ਨਵੰਬਰ
ਸਨਅਤੀ ਸ਼ਹਿਰ ਦੀ ਇਕ ਔਰਤ ਵੱਲੋਂ ਦਰਜ ਕਰਵਾਏ ਗਏ ਜਬਰ ਜਨਾਹ ਦੇ ਕੇਸ ’ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।
ਇਸ ਮਾਮਲੇ ਵਿੱਚ ਅੱਜ ਅਦਾਲਤ ਨੇ ਵਿਧਾਇਕ ਬੈਂਸ ਖ਼ਿਲਾਫ਼ ਗੈਰਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਇੱਕ ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਦੱਸ ਦਈਏ ਕਿ ਲੁਧਿਆਣਾ ਵਿੱਚ 44 ਸਾਲਾ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਜਬਰ ਜਨਾਹ ਦੇ ਦੋਸ਼ ਲਾਏ ਸਨ। ਔਰਤ ਨੇ ਦੋਸ਼ ਲਾਇਆ ਕਿ ਉਹ ਪ੍ਰਾਪਰਟੀ ਦੇ ਮਾਮਲੇ ਵਿੱਚ ਵਿਧਾਇਕ ਨੂੰ ਮਿਲੀ ਸੀ। ਵਿਧਾਇਕ ਨੇ ਇਹ ਮਾਮਲਾ ਸੁਲਝਾਉਣ ਦਾ ਭਰੋਸਾ ਦਿੰਦਿਆਂ ਆਪਣੇ ਦਫ਼ਤਰ ਦੇ ਇੱਕ ਕਮਰੇ ਵਿੱਚ ਉਸ ਨਾਲ ਜਬਰ ਜਨਾਹ ਕੀਤਾ। ਇਸ ਮਾਮਲੇ ਵਿੱਚ ਪੁਲੀਸ ਨੇ ਸ਼ਿਕਾਇਤ ਮਿਲਣ ਮਗਰੋਂ ਕੋਈ ਕਾਰਵਾਈ ਨਹੀਂ ਕੀਤੀ ਪਰ ਔਰਤ ਇਸ ਕੇਸ ਸਬੰਧੀ ਅਦਾਲਤ ਵਿੱਚ ਪੁੱਜ ਗਈ, ਜਿੱਥੇ 7 ਜੁਲਾਈ 2021 ਨੂੰ ਅਦਾਲਤ ਦੇ ਹੁਕਮਾਂ ’ਤੇ ਥਾਣਾ ਡਵੀਜਨ ਨੰਬਰ 6 ਦੀ ਪੁਲੀਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਪਰਮਜੀਤ ਸਿੰਘ, ਗੋਗੀ ਸ਼ਰਮਾ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਨਾਲ ਹੀ ਸਾਰਿਆਂ ਖ਼ਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਇਸ ਮਾਮਲੇ ਵਿੱਚ ਜਦੋਂ ਕੋਈ ਵੀ ਮੁਲਜ਼ਮ ਅਦਾਲਤ ਸਾਹਮਣੇ ਪੇਸ਼ ਨਹੀਂ ਹੋਇਆ ਤਾਂ ਅੱਜ ਅਦਾਲਤ ਨੇ ਗੈਰਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।
ਔਰਤ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਉਨ੍ਹਾਂ ਸਾਰੇ ਸਬੂਤ, ਤੇ ਮੋਬਾਈਲ ਫੋਨ ਦੇ ਮੈਸੇਜ ਅਦਾਲਤ ਨੂੰ ਦੇ ਦਿੱਤੇ ਸਨ। ਉਨ੍ਹਾਂ ਦੋਸ਼ ਲਗਾਏ ਕਿ ਪੁਲੀਸ ਨੇ ਸਹੀ ਤਰੀਕੇ ਨਾਲ ਚਾਰਜਸ਼ੀਟ ਵੀ ਦਾਇਰ ਨਹੀਂ ਕੀਤੀ। ਹੁਣ ਵੀ ਪੁਲੀਸ ਨੇ ਅਦਾਲਤ ਵਿੱਚ ਕਿਹਾ ਹੈ ਕਿ ਉਹ ਸਾਰੇ ਮੁਲਜ਼ਮਾਂ ਦੇ ਘਰ ਗਏ ਸਨ ਪਰ ਉਥੇ ਕੋਈ ਨਹੀਂ ਮਿਲਿਆ। ਵਕੀਲ ਢਾਂਡਾ ਨੇ ਕਿਹਾ ਕਿ ਅੱਜ ਸੁਣਵਾਈ ਦੌਰਾਨ ਅਦਾਲਤ ਨੇ ਸਾਰੇ ਹੀ ਮੁਲਜ਼ਮਾਂ ਖ਼ਿਲਾਫ਼ ਗੈਰਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ ਤੇ ਇੱਕ ਦਸੰਬਰ ਨੂੰ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਹੋਵੇਗੀ।