ਸੂਬੇ ਦੇ ਵਿਕਾਸ ਲਈ ਪਰਵਾਸੀ ਪੰਜਾਬੀ ਅੱਗੇ ਆਉਣ: ਬਾਜਵਾ
ਹਰਜੀਤ ਲਸਾੜਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਸਿਆਸਤ, ਨੌਜਵਾਨੀ ਦੇ ਭਵਿੱਖ, ਨਸ਼ਾ, ਬੇਰੁਜ਼ਗਾਰੀ, ਖੇਤੀ ਸੰਘਰਸ਼, ਕਾਨੂੰਨ-ਵਿਵਸਥਾ ਅਤੇ ਆਰਥਿਕ ਮੰਦਹਾਲੀ ਨੂੰ ਸੂਬੇ ਲਈ ਵੱਡੀਆਂ ਚੁਣੌਤੀਆਂ ਕਰਾਰ ਦਿੱਤਾ ਹੈ। ਇੱਥੇ ਵਿਸ਼ੇਸ਼ ਸਮਾਗਮ ਦੌਰਾਨ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਸਬੰਧੀ ਸਵਾਲਾਂ ਦੇ ਜਵਾਬ ਵੀ ਦਿੱਤੇ।
ਕਾਂਗਰਸੀ ਆਗੂ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਚਾਨਣਾ ਪਾਉਂਦਿਆਂ ਸੂਬਾ ਸਰਕਾਰ ਦੀਆਂ ਕੁਝ ਮਾਰੂ ਨੀਤੀਆਂ ’ਤੇ ਸਵਾਲ ਉਠਾਏ ਅਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਖੁਸ਼ਹਾਲੀ ਸਾਡੀ ਪਹਿਲ ਹੈ। ਅਸੀਂ ਸਰਕਾਰ ਨੂੰ ਜਵਾਬਦੇਹ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਉਠਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਾਂ।”
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀਆਂ ਅਸਲ ਲੋੜਾਂ ਪੂਰੀਆਂ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਸਮੂਹ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੀ ਸਿਆਸਤ ਅਤੇ ਸਮਾਜਿਕ ਮਸਲਿਆਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਵੀ ਸਾਰਥਕ ਚਰਚਾ ਕੀਤੀ ਗਈ।