ਮਨੋਜ ਸ਼ਰਮਾ
ਬਠਿੰਡਾ, 29 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਸੀਬੀਆਈ ਨੂੰ ਐੱਸਸੀ ਸਕਾਲਰਸ਼ਿਪ ਦਾ ਰਿਕਾਰਡ ਨਾ ਦੇਣ ’ਤੇ ਸਰਕਾਰ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹਮਾਇਤ ਕਰ ਰਹੇ ਹਨ।
ਸ੍ਰੀ ਬਾਦਲ ਇੱਥੇ ਕਾਂਗਰਸ ਸੇਵਾ ਦਲ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ, ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਰੇਸ਼ ਸ਼ਰਮਾ, ਮੀਤ ਪ੍ਰਧਾਨ ਗੋਪਾਲ ਮਹਿਤਾ, ਸਕੱਤਰ ਰਵਿੰਦਰ ਕੁਮਾਰ ਤੇ ਹੋਰ ਸੈਂਕੜੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਐਲਾਨ ਕੀਤਾ ਕਿ ਬਲਬੀਰ ਸਿੰਘ ਨੂੰ ਪਾਰਟੀ ਦੀ ਗਵਰਨਿੰਗ ਕੌਂਸਲ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਵਿੱਚ ਅਕਾਲੀ ਸਰਕਾਰ ਬਣਨ ’ਤੇ ਜੇਸੀਟੀ ਇਲੈਕਟ੍ਰਾਨਿਕਸ ਦੇ ਪਲਾਟ ਵੇਚਣ ਦੇ ਘਪਲੇ ਦੀ ਜਾਂਚ ਵੀ ਕਰਵਾਈ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿੱਚ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਨ ਦੀ ਮੰਗ ਕੀਤੀ।
ਸੁਖਬੀਰ ਵੱਲੋਂ ਲੰਬੀ ਹਲਕੇ ਦੇ ਯੂਥ ਵਰਕਰਾਂ ਨਾਲ ਮੀਟਿੰਗ
ਲੰਬੀ (ਇਕਬਾਲ ਸਿੰਘ ਸ਼ਾਂਤ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿੱਚ ਯੂਥ ਅਕਾਲੀ ਦਲ ਦੇ ਸਰਗਰਮ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਲਈ ਨੌਜਵਾਨ ਹੁਣੇ ਤੋਂ ਹੀ ਕਮਰਕੱਸੇ ਕਰ ਲੈਣ। ਉਨ੍ਹਾਂ ਪਾਰਟੀ ਕਾਡਰ ਨੂੰ ਇੱਕ-ਇੱਕ ਵੋਟਰ ਨਾਲ ਰਾਬਤਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਬਚਾਉਣ ਲਈ ਲੋਕਾਂ ਨੂੰ ਸੁਚੇਤ ਕਰਨਾ ਬਹੁਤ ਜ਼ਰੂਰੀ ਹੈ।