ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ 12 ਜਨਵਰੀ
ਇੱਥੇ ਅੱਜ ਵੱਡੀ ਗਿਣਤੀ ਲੋਕਾਂ ਦੀ ਹਾਜ਼ਰੀ ਵਿੱਚ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਜੋਤ ਸਿੰਘ ਬੈਂਸ ਵੱਲੋਂ ਕੁਝ ਕਾਂਗਰਸੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ਿਕਾਇਤ ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਨੇ ਕੀਤੀ। ਭਾਰਤੀ ਚੋਣ ਕਮਿਸ਼ਨ ਵਲੋਂ ਸਖਤ ਹਦਾਇਤ ਕੀਤੀ ਗਈ ਸੀ ਕਿ 15 ਜਨਵਰੀ ਤੱਕ ਕੋਈ ਵੀ ਪ੍ਰੋਗਰਾਮ ਅਤੇ ਕੋਈ ਵੀ ਉਮੀਦਵਾਰ ਰੈਲੀ ਨਹੀਂ ਕਰੇਗਾ, ਜਦਕਿ ਘਰ-ਘਰ ਪ੍ਰਚਾਰ ਕਰਨ ਲਈ ਸਿਰਫ ਪੰਜ ਲੋਕ ਹੀ ਜਾ ਸਕਦੇ ਹਨ। ਇਸ ਦੌਰਾਨ ਹਰਜੋਤ ਸਿੰਘ ਬੈਂਸ ਵੱਲੋਂ ਵੱਡੀ ਗਿਣਤੀ ਲੋਕਾਂ ਦਾ ਇਕੱਠ ਕੀਤਾ ਗਿਆ। ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਅੱਜ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਕੇਸ਼ਵ ਗੋਇਲ ਵੱਲੋਂ ਐਡਵੋਕੇਟ ਹਰਜੋਤ ਸਿੰਘ ਬੈਂਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਦਾ ਜਵਾਬ 24 ਘੰਟਿਆਂ ਦੇ ਅੰਦਰ ਦੇਣਾ ਹੋਵੇਗਾ।