ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕਾਸ਼ਤਕਾਰਾਂ ਨੂੰ ਰਾਹਤ ਦਿੰਦਿਆਂ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਮਿਆਦ 10 ਅਗਸਤ ਤੱਕ ਵਧਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਫ਼ਸਲ ਦੀ ਖਰੀਦ 31 ਜੁਲਾਈ ਨੂੰ ਖ਼ਤਮ ਹੋਣੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਖਰੀਦ ਸੀਜ਼ਨ ਨੂੰ 10 ਅਗਸਤ ਤੱਕ ਵਧਾਉਣ ਦਾ ਫ਼ੈਸਲਾ ਲਿਆ ਹੈ, ਇਸ ਲਈ ਜਿਹੜੇ ਕਿਸਾਨਾਂ ਨੇ ਹਾਲੇ ਤੱਕ ਆਪਣੀ ਫ਼ਸਲ ਨਹੀਂ ਵੇਚੀ ਹੈ, ਉਹ ਹੁਣ ਵਧਾਈ ਗਈ ਮਿਆਦ ਤੱਕ ਫ਼ਸਲ ਮੰਡੀਆਂ ਵਿੱਚ ਵੇਚ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਮੂੰਗੀ ਦੇ ਦਾਣੇ ਦੇ ਸੁੰਗੜਨ ਕਾਰਨ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਵੇਚੀ ਗਈ ਮੂੰਗੀ ਦੀ ਫ਼ਸਲ ਲਈ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਲਿਆ ਹੈ। ਇਹ ਰਾਸ਼ੀ ਉਨ੍ਹਾਂ ਸਾਰੇ ਮੂੰਗੀ ਕਾਸ਼ਤਕਾਰਾਂ ਨੂੰ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਫ਼ਸਲ ਪਹਿਲਾਂ ਹੀ ਵਪਾਰੀਆਂ ਨੂੰ ਵੇਚ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬਾ ਸਰਕਾਰ ਨੇ ਸੂਬੇ ਵਿੱਚ 4807 ਟਨ ਗਰਮੀਆਂ ਦੀ ਮੂੰਗੀ ਦੀ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ 32.23 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ, ਜੋ ਕੁੱਲ ਅਦਾਇਗੀ ਦਾ 92.15 ਫ਼ੀਸਦ ਬਣਦੀ ਹੈ।