ਕੁਲਦੀਪ ਸਿੰਘ
ਚੰਡੀਗੜ੍ਹ, 3 ਅਗਸਤ
ਜੁਆਇੰਟ ਡਾਕਟਰਜ਼ ਕੋਆਰਡੀਨੇਸ਼ਨ ਦੇ ਸੱਦੇ ’ਤੇ ਸੂਬੇ ਦੇ ਸਿਹਤ ਅਤੇ ਵੈਟਰਨਰੀ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਲਾਏ ਗਏ ਧਰਨੇ ਦੇ ਦੂਜੇ ਦਿਨ ਅੱਜ ਸਰਕਾਰੀ ਹਸਪਤਾਲਾਂ ਵਿੱਚ ਓਪੀਡੀਜ਼ ਮੁਕੰਮਲ ਬੰਦ ਰਹੀਆਂ। ਦੋਵੇਂ ਵਿਭਾਗਾਂ ਨਾਲ ਸਬੰਧਤ ਡਾਕਟਰਾਂ ਨੇ ਆਪੋ-ਆਪਣੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਅੱਗੇ ਰੋਸ ਧਰਨੇ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਡਾਕਟਰਾਂ ਦੇ ਸੰਘਰਸ਼ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਆਗੂਆਂ ਡਾ. ਗਗਨਦੀਪ ਸਿੰਘ, ਡਾ. ਸਰਬਜੀਤ ਸਿੰਘ ਰੰਧਾਵਾ, ਡਾ. ਗਗਨਦੀਪ ਸਿੰਘ ਸ਼ੇਰਗਿੱਲ, ਡਾ. ਪਵਨਪ੍ਰੀਤ ਕੌਰ, ਡਾ. ਸੰਜੀਵ ਪਾਠਕ, ਡਾ. ਦੀਪਇੰਦਰ ਸਿੰਘ ਅਤੇ ਡਾ. ਬਲਵਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਤੋਂ ਡਾਕਟਰਾਂ ਨਾਲ ਕੀਤੇ ਵਾਅਦੇ ਮੁਤਾਬਕ ਐੱਨਪੀਏ ਦਾ ਮਸਲਾ ਹੱਲ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਭਲਕੇ ਚਾਰ ਅਗਸਤ ਤੱਕ ਡਾਕਟਰਾਂ ਦਾ ਇਹ ਮਸਲਾ ਹੱਲ ਨਾ ਕੀਤਾ ਤਾਂ ਪੰਜ ਅਗਸਤ ਤੋਂ ਹਸਪਤਾਲਾਂ ਸਮੇਤ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਸੂਬਾ ਪੱਧਰੀ ਮੁੱਖ ਦਫ਼ਤਰਾਂ ਦਾ ਕੰਮਕਾਜ ਵੀ ਠੱਪ ਕਰ ਦਿੱਤਾ ਜਾਵੇਗਾ। ਹਸਪਤਾਲਾਂ ਵਿੱਚ ਸਿਰਫ਼ ਐਮਰਜੈਂਸੀ, ਕੋਵਿਡ, ਮੈਡੀਕੋ, ਵੈਟਰੋ-ਲੀਗਲ ਅਤੇ ਪੋਸਟਮਾਰਟਮਾਂ ਸਬੰਧੀ ਸੇਵਾਵਾਂ ਹੀ ਦਿੱਤੀਆਂ ਜਾਣਗੀਆਂ।
ਐੱਨਪੀਏ ਦਾ ਮਸਲਾ ਤੁਰੰਤ ਹੱਲ ਕਰੇ ਸਰਕਾਰ: ਢੀਂਡਸਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਸਿਹਤ ਅਤੇ ਵੈਟਰਨਰੀ ਡਾਕਟਰਾਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਵਿਰੁੱਧ ਐੱਨਪੀਏ ਕਟੌਤੀ ਅਤੇ ਨਿੱਜੀਕਰਨ ਦੀ ਨੀਤੀ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਦਾ ਸਮਰਥਨ ਕਰਦਿਆਂ ਸਰਕਾਰ ਨੂੰ ਉਨ੍ਹਾਂ ਦਾ ਮਸਲਾ ਤੁਰੰਤ ਹੱਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਡਾਕਟਰ ਪਿਛਲੇ ਮਹੀਨੇ ਤੋਂ ਐੱਨਪੀਏ ਦਾ ਮਸਲਾ ਹੱਲ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸ ਦੇ ਰੋਸ ਵਜੋਂ ਡਾਕਟਰ ਸਰਕਾਰੀ ਹਸਪਤਾਲਾਂ ਵਿੱਚ ਓਪੀਡੀਜ਼ ਬੰਦ ਕਰਨ ਲਈ ਮਜਬੂਰ ਹੋ ਗਏ ਹਨ, ਜਿਸ ਕਾਰਨ ਮਰੀਜ਼ਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਰੋਨਾ ਕਾਲ ਵਿੱਚ ਆਪਣੀਆਂ ਜਾਨਾਂ ਦਾਅ ’ਤੇ ਲਾ ਕੇ ਮਰੀਜ਼ਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਭੱਤਾ 25 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਦਾ ਫ਼ੈਸਲਾ ਮੰਦਭਾਗਾ ਹੈ।