ਐੱਨ ਪੀ ਐੱਸ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਜ਼ਿਮਨੀ ਚੋਣ ’ਚ ਘੇਰਨ ਦੀ ਤਿਆਰੀ
ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਵੋਟਰਾਂ ਸਾਹਮਣੇ ਲਿਆੳੁਣ ਦਾ ਐਲਾਨ
ਕੁਲਦੀਪ ਸਿੰਘ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਸਾਂਝੇ ਤੌਰ ‘ਤੇ 2 ਨਵੰਬਰ ਨੂੰ ਤਰਨ ਤਾਰਨ ਵਿਖੇ ਝੰਡਾ ਮਾਰਚ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਜ਼ਿਮਨੀ ਚੋਣ ਦੌਰਾਨ ਵੋਟਰਾਂ ਦੀ ਕਚਹਿਰੀ ਵਿੱਚ ਸਾਹਮਣੇ ਲਿਆਉਣਗੇ। ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲਗਪਗ ਦੋ ਲੱਖ ਮੁਲਾਜ਼ਮਾਂ ਨੂੰ ਲਿਖਤੀ ਗਰੰਟੀ ਦਿੱਤੀ ਸੀ ਕਿ ਪੰਜਾਬ ਵਿੱਚ ਆਪ ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪ੍ਰੰਤੂ ਸਰਕਾਰ ਆਪਣੇ ਵੱਲੋਂ 18 ਨਵੰਬਰ 2022 ਨੂੰ ਦੀਵਾਲੀ ਤੋਂ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਨਹੀਂ ਲਾਗੂ ਕਰ ਸਕੀ, ਜਦਕਿ ਹਿਮਾਚਲ ਪ੍ਰਦੇਸ਼ ਨੇ ਛੇ ਮਹੀਨੇ ਅੰਦਰ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਆਪਣਾ ਚੋਣ ਵਾਅਦਾ ਨਿਭਾਇਆ। ਪੰਜਾਬ ਦੇ ਦੋ ਲੱਖ ਕਰਮਚਾਰੀਆਂ ਦੀ ਮੁੱਖ ਮੰਤਰੀ ਦੇ ਐਲਾਨ ਤੋਂ ਚਾਰ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ ਅਤੇ ਕਰਮਚਾਰੀ ਐੱਨ ਪੀ ਐੱਸ ਅਧੀਨ ਹੀ ਨਿਗੂਣੀ ਪੈਨਸ਼ਨ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੀ ਇਸ ਧੱਕੇਸ਼ਾਹੀ ਨੂੰ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ ਕਰ ਕੇ ਮੁਲਾਜ਼ਮਾਂ ਵੱਲੋਂ ਵੋਟਰਾਂ ਨੂੰ ਦੱਸਿਆ ਜਾਵੇਗਾ। 25 ਨਵੰਬਰ ਨੂੰ ਦਿੱਲੀ ਰਾਮ ਲੀਲਾ ਮੈਦਾਨ ਵਿੱਚ ਕੀਤੀ ਜਾਵੇਗੀ ਉਸ ਰੈਲੀ ਵਿੱਚ ਕੇਂਦਰ ਤੇ ਰਾਜ ਸਰਕਾਰ ਨੂੰ ਸਪੱਸ਼ਟ ਸੁਨੇਹਾ ਦੇਣਗੇ ਕਿ ਕਰਮਚਾਰੀਆਂ ਨੂੰ ਹੁਣ ਪੁਰਾਣੀ ਪੈਨਸ਼ਨ ਬਹਾਲੀ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ।

