ਕੁਲਦੀਪ ਸਿੰਘ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲ ਤੋਂ ‘ਆਪ’ ਸਰਕਾਰ ਚੋਣ ਵਾਅਦੇ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਚਾਰ ਸਾਲ ਬੀਤਣ ਤੋਂ ਬਾਅਦ ਵੀ ਲਾਗੂ ਨਹੀਂ ਕੀਤਾ ਗਿਆ। ਰੋਸ ਵਜੋਂ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨ ਪੀ ਐੱਸ ਕਰਮਚਾਰੀ ਵਿਧਾਨ ਸਭਾ ਵੱਲ ਕੂਚ ਕਰਨਗੇ, ਜਿਸ ਸਬੰਧੀ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ’ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਬੜੀ ਚਲਾਕੀ ਨਾਲ ਟੈੱਟ ਦੀ ਸ਼ਰਤ ਥੋਪ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰ ਕੇ ਵਾਪਸ ਲਵੇ, ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋ ਰਹੀ ਮਹਾਰੈਲੀ ਨੂੰ ਹਮਾਇਤ ਦਿੱਤੀ ਜਾਵੇਗੀ ਅਤੇ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ।

