ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਚੜ੍ਹਦੀਕਲਾ’ ਨੂੰ ਪੰਜਾਬ ਤੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚੋਂ ਵੀ ਵਧੇਰੇ ਮਦਦ ਮਿਲ ਰਹੀ ਹੈ। ਮਿਸ਼ਨ ਚੜ੍ਹਦੀਕਲਾ ਤਹਿਤ ਆਸਟਰੇਲੀਆ ਤੇ ਨਿਊਜ਼ਲੀਲੈਂਡ ਤੋਂ ਵੱਡੀ ਗਿਣਤੀ ਵਿੱਚ ਪਰਵਾਸੀ ਭਾਰਤੀ ਪੰਜਾਬ ਦੀ ਮਦਦ ਲਈ ਅੱਗੇ ਆ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਉੱਘੇ ਪਰਵਾਸੀ ਭਾਰਤੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਪਰਵਾਸੀ ਭਾਰਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਰਹਿ ਕੇ ਸਖ਼ਤ ਮਿਹਨਤ ਅਤੇ ਲਗਨ ਨਾਲ ਆਪਣੀ ਪਛਾਣ ਬਣਾਈ ਹੈ ਪਰ ਇਸ ਦੇ ਬਾਵਜੂਦ ਕਦੇ ਆਪਣੀ ਮਾਤ ਭੂਮੀ ਨੂੰ ਨਹੀਂ ਭੁੱਲੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠ ਕੇ ਵੀ ਹਮੇਸ਼ਾ ਆਪਣੇ ਪਿੰਡ ਜਾਂ ਸ਼ਹਿਰ ਦੇ ਵਿਕਾਸ ਲਈ ਯੋਗਦਾਨ ਪਾਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਰਕੇ 2,300 ਤੋਂ ਵੱਧ ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਪੰਜ ਲੱਖ ਏਕੜ ਫ਼ਸਲ ਤਬਾਹ ਹੋ ਗਈ। ਹੜ੍ਹਾਂ ਕਰਕੇ 60 ਲੋਕਾਂ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਬਦਲ ਗਏ, 1,400 ਕਲੀਨਿਕ ਅਤੇ ਹਸਪਤਾਲ ਬਰਬਾਦ ਹੋ ਗਏ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਅਤੇ 2,500 ਪੁਲ ਢਹਿ ਗਏ। ਇਸ ਦੌਰਾਨ ਬ੍ਰਿਸਬਨ, ਮੈਲਬਰਨ, ਐਡੀਲੇਡ, ਸਿਡਨੀ, ਪਰਥ ਅਤੇ ਆਕਲੈਂਡ ਤੋਂ ਵੱਡੀ ਗਿਣਤੀ ਵਿੱਚ ਪਰਵਾਸੀ ਭਾਰਤੀਆਂ ਨੇ ਮੁੱਖ ਮੰਤਰੀ ਨੂੰ ਨੇਕ ਕਾਰਜ ਲਈ ਸੂਬਾ ਸਰਕਾਰ ਦੀ ਹਰ ਪੱਖ ਤੋਂ ਮਦਦ ਕਰਨ ਦਾ ਭਰੋਸਾ ਦਿੱਤਾ।
ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਨਿਸ਼ਾਨਾ ਬਣਾਉਣਾ ਗੈਰਵਾਜਬ: ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਾਸੀ ਭਾਰਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੜ੍ਹਾਂ ਕਰਕੇ ਮਾਝਾ ਇਲਾਕੇ ਦਾ ਸਭ ਤੋਂ ਵੱਡਾ ਨੁਕਸਾਨ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਅਤੇ ਸਮਾਜ ਸੇਵੀ ਜਥੇਬੰਦੀਆਂ ਅੱਗੇ ਵਧ ਕੇ ਲੋਕਾਂ ਦੀ ਮਦਦ ਕਰ ਰਹੀਆਂ ਹਨ ਪਰ ਕੁਝ ਰਾਜਨੀਤਕ ਪਾਰਟੀਆਂ ਬਿਨਾਂ ਕਿਸੇ ਕਾਰਨ ਤੋਂ ਪੰਜਾਬ ਸਰਕਾਰ ਨੂੰ ਕਸੂਰਵਾਰ ਠਹਿਰਾ ਰਹੀਆਂ ਹਨ, ਜਦੋਂ ਕਿ ਮੈਕਸੀਕੋ ਅਤੇ ਦੁਨੀਆ ਦੇ ਹੋਰ ਹਿੱਸੇ ਆਲਮੀ ਤਪਸ਼ ਕਾਰਨ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਉਨ੍ਹਾਂ ਨੂੰ ਆਪਣੇ ਨਿੱਜੀ ਸਿਆਸੀ ਹਿੱਤਾਂ ਖ਼ਾਤਰ ਨਿਸ਼ਾਨਾ ਬਣਾਉਣਾ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਰਾਜਸੀ ਪਾਰਟੀਆਂ ਵੱਲੋਂ ਇਕੱਠੇ ਹੋ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰਨਾ ਚਾਹੀਦਾ ਹੈ।