ਜਸਵੰਤ ਜੱਸ
ਫ਼ਰੀਦਕੋਟ, 10 ਨਵੰਬਰ
ਪੰਜਾਬ ਦੇ ਨਰਸਿੰਗ ਕਾਲਜਾਂ ’ਚ ਸਿੱਖਿਆ ਹਾਸਲ ਕਰ ਰਹੇ ਸੈਂਕੜੇ ਕਸ਼ਮੀਰੀ ਵਿਦਿਆਰਥੀਆਂ ਦੇ ਰੋਸ ਵਿਖਾਵੇ ਅੱਗੇ ਝੁਕਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸਿਜ਼ ਨੇ ਬੀਐੱਸਸੀ ਨਰਸਿੰਗ ਦੀ ਪ੍ਰੀਖਿਆ 45 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਇਹ ਪ੍ਰੀਖਿਆ 18 ਨਵੰਬਰ ਤੋਂ ਸ਼ੁਰੂ ਹੋਣੀ ਸੀ ਪਰ ਕਸ਼ਮੀਰੀ ਵਿਦਿਆਰਥੀਆਂ ਦਾ ਇਤਰਾਜ਼ ਸੀ ਕਿ ਇੰਟਰਨੈੱਟ ਸੇਵਾਵਾਂ ਠੱਪ ਹੋਣ ਕਾਰਨ ਤਾਲਾਬੰਦੀ ਸਮੇਂ ਦੌਰਾਨ ਕਸ਼ਮੀਰ ਵਿਚ ਰਹਿ ਕੇ ਉਹ ਆਪਣੀ ਪੜ੍ਹਾਈ ਜਾਰੀ ਨਹੀਂ ਰੱਖ ਸਕੇ ਅਤੇ ਉਨ੍ਹਾਂ ਦੀ ਪ੍ਰੀਖਿਆ ਲਈ ਤਿਆਰੀ ਨਹੀਂ ਹੋਈ। ਇਸ ਦੇ ਉਲਟ ਯੂਨੀਵਰਸਿਟੀ 18 ਨਵੰਬਰ ਨੂੰ ਹਰ ਹਾਲਤ ਵਿੱਚ ਪ੍ਰੀਖਿਆ ਸ਼ੁਰੂ ਕਰਵਾਉਣਾ ਚਾਹੁੰਦੀ ਸੀ। ਕਸ਼ਮੀਰ, ਜੰਮੂ, ਲੱਦਾਖ ਅਤੇ ਕੁਝ ਹੋਰ ਸੂਬਿਆਂ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸਹਿਯੋਗ ਨਾਲ ਯੂਨੀਵਰਸਿਟੀ ਸਾਹਮਣੇ ਪਿਛਲੇ ਦੋ ਦਿਨਾਂ ਤੋਂ ਚੱਕਾ ਜਾਮ ਕੀਤਾ ਹੋਇਆ ਸੀ। ਪੀਐੱਸਯੂ ਆਗੂ ਸਾਹਿਲਦੀਪ ਸਿੰਘ ਤੇ ਹੋਰਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਅਧਿਕਾਰੀ ਵਿਦਿਆਰਥੀਆਂ ਨੂੰ ਜ਼ਲੀਲ ਕਰ ਰਹੇ ਹਨ ਅਤੇ ਕੋਈ ਵੀ ਅਧਿਕਾਰੀ ਊਨ੍ਹਾਂ ਦੀ ਸੁਣਵਾਈ ਨਹੀਂ ਕਰ ਰਿਹਾ। ਕੇਸ਼ਵ ਕੁਮਾਰ ਨੇ ਕਿਹਾ ਕਿ ਇੱਕ ਯੂਨੀਵਰਸਿਟੀ ਅਧਿਕਾਰੀ ਨੇ ਮੀਟਿੰਗ ਦੌਰਾਨ ਕਸ਼ਮੀਰੀ ਵਿਦਿਆਰਥੀਆਂ ਨੂੰ ਦੇਸ਼ ਵਿਰੋਧੀ ਤੱਕ ਕਹਿ ਦਿੱਤਾ, ਜਿਸ ਤੋਂ ਕਸ਼ਮੀਰੀ ਵਿਦਿਆਰਥੀ ਭੜਕ ਗਏ। ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਕਿਹਾ ਕਿ ਕਿਸੇ ਵੀ ਅਧਿਕਾਰੀ ਨੇ ਮਾੜੀ ਸ਼ਬਦਾਵਲੀ ਨਹੀਂ ਬੋਲੀ।