ਮੁੱਖ ਅੰਸ਼
-
ਸਰਕਾਰ ਬਣਾਉਣ ਲਈ ਰਾਜਪਾਲ ਕੋਲ ਅੱਜ ਪੇਸ਼ ਕਰਨਗੇ ਦਾਅਵਾ; ਅੰਿਮ੍ਰਤਸਰਵਿੱਚ ਜੇਤੂ ਮਾਰਚ ਭਲਕੇ
-
ਹੁਣ ਚੰਡੀਗੜ੍ਹ ਦੀ ਥਾਂ ਪਿੰਡਾਂ ਅਤੇ ਮੁਹੱਲਿਆਂ ’ਚੋਂ ਚੱਲੇਗੀ ਸਰਕਾਰ: ਭਗਵੰਤ ਮਾਨ
ਆਤਿਸ਼ ਗੁਪਤਾ/ਦਰਸ਼ਨ ਸਿੰਘ ਸੋਢੀ
ਚੰਡੀਗੜ੍ਹ/ਐੱਸਏਐੱਸ ਨਗਰ (ਮੁਹਾਲੀ), 11 ਮਾਰਚ
ਆਮ ਆਦਮੀ ਪਾਰਟੀ (ਆਪ) ਦੇ ਜਿੱਤੇ ਵਿਧਾਇਕਾਂ ਦੀ ਅੱਜ ਮੁਹਾਲੀ ’ਚ ਮੀਟਿੰਗ ਦੌਰਾਨ ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਰਸਮੀ ਤੌਰ ’ਤੇ ਆਗੂ ਚੁਣ ਲਿਆ ਗਿਆ। ਧੂਰੀ ਤੋਂ ਵਿਧਾਇਕ ਬਣੇ ਸ੍ਰੀ ਮਾਨ 16 ਮਾਰਚ ਨੂੰ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਉਹ ਭਲਕੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਰਸਮੀ ਤੌਰ ’ਤੇ ਦਾਅਵਾ ਪੇਸ਼ ਕਰਨਗੇ। ‘ਆਪ’ ਵੱਲੋਂ 13 ਮਾਰਚ ਨੂੰ ਅੰਮ੍ਰਿਤਸਰ ਵਿੱਚ ਇੱਕ ਰੋਡ ਸ਼ੋਅ ਕੱਢ ਕੇ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ। ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ‘ਆਪ’ ਪਹਿਲੀ ਵਾਰ ਸੱਤਾ ’ਤੇ ਕਾਬਜ਼ ਹੋਣ ਜਾ ਰਹੀ ਹੈ, ਜਿਸ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ। ਪਹਿਲਾਂ ਮੀਟਿੰਗ ਅੱਜ ਬਾਅਦ ਦੁਪਹਿਰ ਢਾਈ ਵਜੇ ਹੋਣੀ ਸੀ ਪ੍ਰੰਤੂ ਭਗਵੰਤ ਮਾਨ ਦੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣ ਕਾਰਨ ਇਹ ਸ਼ਾਮ ਨੂੰ ਹੋਈ।
ਮੁਹਾਲੀ ’ਚ ਵਿਧਾਇਕ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਪਾਰਟੀ ਨੂੰ ਫਤਵਾ ਦੇਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਵੱਡੇ-ਵੱਡੇ ਸਿਆਸੀ ਆਗੂਆਂ ਨੂੰ ਹਰਾ ਕੇ ਘਰ ਬਿਠਾ ਦਿੱਤਾ ਹੈ। ਉਨ੍ਹਾਂ ਸਾਰੇ ਵਿਧਾਇਕਾਂ ਨੂੰ ਵੱਡੇ ਬਹੁਮੱਤ ਨਾਲ ਜਿੱਤ ਹਾਸਲ ਕਰਨ ’ਤੇ ਹੰਕਾਰ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ,‘‘ਤੁਸੀਂ ਸਾਰੇ ਪੰਜਾਬੀਆਂ ਦੇ ਵਿਧਾਇਕ ਹੋ। ਜਿਨ੍ਹਾਂ ਨੇ ਵੋਟਾਂ ਨਹੀਂ ਵੀ ਪਾਈਆਂ, ਉਨ੍ਹਾਂ ਦਾ ਵੀ ਕੰਮ ਕਰਨਾ ਹੈ। ਪੰਜਾਬ ਦੇ ਲੋਕਾਂ ਨੇ ਲੰਬਾ ਸਮਾਂ ਸੰਤਾਪ ਹੰਢਾਇਆ ਹੈ, ‘ਆਪ’ ਅਜਿਹੇ ਲੋਕਾਂ ਲਈ ਆਸ ਦੀ ਕਿਰਨ ਬਣ ਕੇ ਉੱਭਰੀ ਹੈ।’’ ਉਨ੍ਹਾਂ ਵਿਧਾਇਕਾਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਚੰਡੀਗੜ੍ਹ ਵਿੱਚ ਡੇਰੇ ਲਾ ਕੇ ਨਹੀਂ ਬੈਠਣਗੇ, ਬਲਕਿ ਗਰਾਊਂਡ ’ਤੇ ਜਾ ਕੇ ਲੋਕਾਂ ਦੇ ਕੰਮ ਕਰਨਗੇ ਜਿੱਥੋਂ ਉਨ੍ਹਾਂ ਨੇ ਵੋਟਾਂ ਮੰਗੀਆਂ ਹਨ। ਉਨ੍ਹਾਂ ਕਿਹਾ,‘‘ਤੁਸੀਂ ਘੱਟ ਤੋਂ ਘੱਟ ਚੰਡੀਗੜ੍ਹ ਵਿੱਚ ਰਹਿਣਾ। ਸਰਕਾਰ ਪਿੰਡਾਂ, ਮੁਹੱਲਿਆਂ ’ਚੋਂ ਚੱਲੇਗੀ। ਹੁਣ ਅਫ਼ਸਰ ਏਸੀ ਕਮਰਿਆਂ ਵਿੱਚ ਬੈਠ ਕੇ ਵਿਕਾਸ ਦੀਆਂ ਯੋਜਨਾਵਾਂ ਨਹੀਂ ਉਲੀਕਣਗੇ ਸਗੋਂ ਉਨ੍ਹਾਂ ਨੂੰ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਰਾਇ ਨਾਲ ਯੋਜਨਾਵਾਂ ਬਣਾਉਣੀਆਂ ਹੋਣਗੀਆਂ ਅਤੇ ਲੋਕਾਂ ਦੇ ਦਰਾਂ ’ਤੇ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨੇ ਹੋਣਗੇ।’’ ਉਨ੍ਹਾਂ ਕਿਹਾ ਕਿ ਕਿਸੇ ਦੇ ਘਰ ਮੂਹਰੇ ਜਾ ਕੇ ਲਲਕਾਰੇ ਨਹੀਂ ਮਾਰਨੇ ਹਨ ਅਤੇ ਕਿਸੇ ਨਾਲ ਇਹ ਸੋਚ ਕੇ ਵਧੀਕੀ ਨਹੀਂ ਕਰਨੀ ਕਿ ਇੱਥੋਂ ਵੋਟਾਂ ਘੱਟ ਮਿਲੀਆਂ ਹਨ। ਕਿਸੇ ਨਾਲ ਪੱਖਪਾਤ ਨਹੀਂ ਕਰਨਾ ਬਲਕਿ ਪਬਲਿਕ ਦੇ ਨੌਕਰ ਬਣ ਕੇ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੋਂ ਇਲਾਵਾ 17 ਜਣਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਮਿਲਣਗੀਆਂ, ਪਰ ਕੰਮ ਸਾਰੇ ਵਿਧਾਇਕ ਮਿਲ ਕੇ ਕਰਨਗੇ। ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਵੱਖ-ਵੱਖ ਸੂਬਿਆ ਤੋਂ ਹਨ ਪਰ ਦੇਸ਼ ਲਈ ਇਕੱਠੇ ਹੋ ਕੇ ਲੜਾਈ ਲੜੀ ਸੀ। ਇਸੇ ਤਰ੍ਹਾਂ ਸਾਰੇ ਵਿਧਾਇਕਾਂ ਨੂੰ ਸ਼ਹੀਦਾਂ ਵੱਲੋਂ ਦਿਖਾਏ ਰਾਹ ’ਤੇ ਚੱਲਦੇ ਹੋਏ ਪੰਜਾਬ ਨੂੰ ਬਚਾਉਣ ਲਈ ਕੰਮ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸੂਬੇ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਇਸ ਲਈ ਲੋਕਾਂ ਨੂੰ ‘ਆਪ’ ਤੋਂ ਬਹੁਤ ਉਮੀਦਾਂ ਹਨ। ਲੋਕਾਂ ਦੀ ਉਮੀਦਾਂ ’ਤੇ ਖਰਾ ਉਤਰਨ ਲਈ ਸਾਰਿਆਂ ਨੂੰ ਦਿਨ-ਰਾਤ ਇਕ ਕਰਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸੰਵਾਰਨ ਲਈ ‘ਆਪ’ ਦੇ ਸਾਰੇ ਵਿਧਾਇਕ ਹਰ ਰੋਜ਼ ਦੀ ਯੋਜਨਾ ਬਣਾ ਕੇ ਕੰਮ ਕਰਨਗੇ ਜਿਸ ਦੇ ਨਤੀਜੇ ਜਲਦੀ ਹੀ ਲੋਕਾਂ ਦੇ ਸਾਹਮਣੇ ਹੋਣਗੇ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਵੀ ਹਾਜ਼ਰ ਸਨ।
ਕੇਜਰੀਵਾਲ ਨਾਲ ਕੀਤੀ ਮੰਤਰੀ ਮੰਡਲ ਬਾਰੇ ਚਰਚਾ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦੇ ਇਕ ਦਿਨ ਬਾਅਦ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਕੇਜਰੀਵਾਲ ਦੇ ਮਾਪਿਆਂ ਨਾਲ ਵੀ ਮੁਲਾਕਾਤ ਕਰਕੇ ਆਸ਼ੀਰਵਾਦ ਲਿਆ। ਸੂਤਰਾਂ ਮੁਤਾਬਕ ਭਗਵੰਤ ਮਾਨ ਨੇ ਪੰਜਾਬ ਵਿੱਚ ਬਣਨ ਵਾਲੀ ਪਹਿਲੀ ਗ਼ੈਰ-ਕਾਂਗਰਸੀ ਤੇ ਗ਼ੈਰ-ਅਕਾਲੀ ਸਰਕਾਰ ਦੇ ਨਵੇਂ ਮੰਤਰੀ ਮੰਡਲ ਦੀ ਰੂਪ-ਰੇਖਾ ਬਾਰੇ ਵੀ ਕੇਜਰੀਵਾਲ ਨਾਲ ਚਰਚਾ ਕੀਤੀ। ਪਾਰਟੀ ਨੇ ਕਿਹਾ ਕਿ ਚੋਣ ਨਤੀਜਿਆਂ ਮਗਰੋਂ ਇਹ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ 13 ਮਾਰਚ ਨੂੰ ਅੰਮ੍ਰਿਤਸਰ ਵਿੱਚ ਇੱਕ ਰੋਡ ਸ਼ੋਅ ਕਰਨਗੇ ਅਤੇ ‘ਆਪ’ ਵਿੱਚ ਵਿਸ਼ਵਾਸ ਜਤਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਨਗੇ। ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਸਰਕਾਰ ਦੇ ਸਹੁੰ ਚੁੱਕ ਸਮਾਗਮ ਲਈ ਵੀ ਸ੍ਰੀ ਕੇਜਰੀਵਾਲ ਨੂੰ ਰਸਮੀ ਸੱਦਾ ਪੱਤਰ ਦਿੱਤਾ ਹੈ। ਮੁਲਾਕਾਤ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤਿੰਦਰ ਜੈਨ ਅਤੇ ਪੰਜਾਬ ‘ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਵੀ ਹਾਜ਼ਰ ਸਨ। ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਨਾਲ ਹੋਈ ਪਹਿਲੀ ਮੁਲਾਕਾਤ ਦੌਰਾਨ ਅੱਜ ਭਗਵੰਤ ਮਾਨ ਨੇ ਉਨ੍ਹਾਂ ਦੇ ਪੈਰ ਛੂਹੇ ਜਦੋਂਕਿ ਕੇਜਰੀਵਾਲ ਨੇ ਉਨ੍ਹਾਂ ਦਾ ਗੱਲਵਕੜੀ ਪਾ ਕੇ ਸਵਾਗਤ ਕੀਤਾ। ਭਗਵੰਤ ਮਾਨ ਨੇ ਸਿਸੋਦੀਆ ਦੇ ਵੀ ਪੈਰ ਛੂਹੇ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ‘‘ਮੇਰਾ ਛੋਟਾ ਭਰਾ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗਾ। ਅੱਜ ਉਹ ਸਹੁੰ ਚੁੱਕ ਸਮਾਗਮ ਦਾ ਸੱਦਾ ਦੇਣ ਮੇਰੇ ਘਰ ਆਏ ਸਨ। ਮੈਨੂੰ ਯਕੀਨ ਹੈ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਭਗਵੰਤ ਪੰਜਾਬ ਦੇ ਲੋਕਾਂ ਦੀਆਂ ਹਰ ਉਮੀਦਾਂ ’ਤੇ ਖਰਾ ਉਤਰਨਗੇ।’’ ਇਸ ਦੇ ਨਾਲ ਹੀ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਕਿ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪੰਜਾਬ ਦੇ ਲਾਡਲੇ ਪੁੱਤਰ ਅਤੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ। ਉਨ੍ਹਾਂ ਨੂੰ ਜਿੱਤ ’ਤੇ ਵਧਾਈ ਦਿੱਤੀ।
ਮੁੱਖ ਮੰਤਰੀ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਚੰਡੀਗੜ੍ਹ (ਟਨਸ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਪਣੀ ਪਾਰਟੀ ਦੀ ਹੋਈ ਨਮੋਸ਼ੀਜਨਕ ਹਾਰ ਮਗਰੋਂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਤਹਿਤ ਮਿਲੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ। ਇਸ ਤੋਂ ਪਹਿਲਾਂ ਕੈਬਨਿਟ ਨੇ ਆਪਣੇ ਕਾਰਜਕਾਲ ਦੀ ਆਖਰੀ ਮੀਟਿੰਗ ਕਰਕੇ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਸੀ। ਇਸ ਨਾਲ ਹੁਣ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਨਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ ਹੈ।
ਰਾਜਪਾਲ ਨਾਲ ਮੁਲਾਕਾਤ ਮਗਰੋਂ ਚੰਨੀ ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਚੰਨੀ ਨੇ ਭਦੌੜ ਅਤੇ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ ਅਤੇ ਉਹ ‘ਆਪ’ ਦੇ ਉਮੀਦਵਾਰਾਂ ਕੋਲੋਂ ਦੋਵੇਂ ਸੀਟਾਂ ਹਾਰ ਗਏ ਹਨ। ਕਾਂਗਰਸ ਪਾਰਟੀ ਨੂੰ ਚੋਣਾਂ ਵਿਚ ਸਿਰਫ਼ 18 ਸੀਟਾਂ ’ਤੇ ਜਿੱਤ ਮਿਲੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਵਿਚ 15ਵੀਂ ਵਿਧਾਨ ਸਭਾ ਭੰਗ ਕਰਨ ਦਾ ਫੈਸਲਾ ਲਿਆ ਗਿਆ। ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨਵੀਂ ਆਉਣ ਵਾਲੀ ਸਰਕਾਰ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਕਾਂਗਰਸ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ, ਬਿਜਲੀ ਦਰਾਂ ਵਿੱਚ ਕਟੌਤੀ, ਤੇਲ ’ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ, ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।