ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਬਰਦਾਸ਼ਤ ਨਹੀਂ: ਬਲਜੀਤ ਕੌਰ
ਆਤਿਸ਼ ਗੁਪਤਾ
ਚੰਡੀਗੜ੍ਹ, 22 ਜੂਨ
ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੀ ਕਮਲ ਕੌਰ ਭਾਬੀ ਦੇ ਕਤਲ ਮਗਰੋਂ ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਪਾਉਣ ਵਾਲੇ ਜਾਂ ਲੱਚਰਤਾ ਫੈਲਾਉਣ ਵਾਲਿਆਂ ਨੂੰ ਮਿਲ ਰਹੀਆਂ ਧਮਕੀਆਂ ਦਰਮਿਆਨ ਪੰਜਾਬ ਸਰਕਾਰ ਵੀ ਸਖ਼ਤ ਹੋ ਗਈ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਪਾਉਣ ਜਾਂ ਲੱਚਰਤਾ ਫੈਲਾਉਣ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਪਰੋਸੇ ਜਾਣ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ ’ਤੇ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖਣ। ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲੇ ਤਾਂ ਫੌਰੀ ਪੁਲੀਸ ਤੇ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾ ਕੇ ਸਥਾਨਕ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਸੁਚੇਤ ਕੀਤਾ ਜਾਵੇ। ਉਨ੍ਹਾਂ ਪੁਲੀਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਅਜਿਹੀ ਸਮੱਗਰੀ ਤਿਆਰ ਜਾਂ ਅਪਲੋਡ ਕਰਨ ਵਾਲਿਆਂ ਖ਼ਿਲਾਫ਼ ਫੌਰੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਨੇ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਪਾਉਣ ਜਾਂ ਲੱਚਰਤਾ ਫੈਲਾਉਣ ਵਾਲਿਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਫੌਰੀ ਪੁਲੀਸ ਜਾਂ ਬਾਲ ਅਧਿਕਾਰ ਕਮਿਸ਼ਨ ਦੇ ਧਿਆਨ ’ਚ ਲਿਆਉਣ।