ਆਤਿਸ਼ ਗੁਪਤਾ
ਚੰਡੀਗੜ੍ਹ, 15 ਜੂਨ
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਹਾਲੇ ਪੌਣੇ ਦੋ ਸਾਲਾਂ ਦਾ ਸਮਾਂ ਬਾਕੀ ਹੈ ਪਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹੁਣੇ ਤੋਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਦੌਰਾਨ ਪੰਜਾਬ ਦੀ ਸਿਆਸਤ ’ਤੇ ਲੰਬਾ ਸਮਾਂ ਰਾਜ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਤੋਂ ਨਾਰਾਜ਼ ਹੋਏ ਆਗੂਆਂ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੇ ਚਲਦਿਆਂ ਪਾਰਟੀ ਦੇ ਨਾਲ ਪਿਛਲੇ ਲੰਬੇ ਸਮੇਂ ਤੋਂ ਜੁੜੇ ਹੋਏ ਸੋਹਨ ਸਿੰਘ ਠੰਡਲ, ਅਨਿਲ ਜੋਸ਼ੀ ਅਤੇ ਦੋਵਾਂ ਤੋਂ ਬਾਅਦ ਲੰਘੇ ਦਿਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਇਸ ਤੋਂ ਸਪੱਸ਼ਟ ਹੈ ਕਿ ਅਕਾਲੀ ਦਲ ਵੱਲੋਂ ਪੁਰਾਣੇ ਆਗੂਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਕਾਲੀ ਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਰਣਨੀਤੀਆਂ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਮੇਂ-ਸਮੇਂ ’ਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਚੁੱਕ ਕੇ ਪੰਜਾਬੀ ਹਿਤੈਸ਼ੀ ਹੋਣ ਦਾ ਪ੍ਰਗਟਾਵਾ ਵੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਵਾਰ-ਵਾਰ ਲੋਕਾਂ ਨੂੰ ਵੀ ਪੰਜਾਬ ਦੀ ਖੁਸ਼ਹਾਲੀ ਲਈ ਖੇਤਰੀ ਪਾਰਟੀ ਦੇ ਜਿਊਂਦਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਮੁੜ ਪੈਰਾਂ ਸਿਰ ਕਰਨ ਲਈ ਨਿੱਜੀ ਤੌਰ ’ਤੇ ਪਾਰਟੀ ਤੋਂ ਨਾਰਾਜ਼ ਹੋਏ ਵਰਕਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀ ਦਲ ਵੱਲੋਂ ਪੁਰਾਣਿਆਂ ਦੇ ਨਾਲ-ਨਾਲ ਨਵੇਂ ਵਰਕਰਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਵੀ ਆਪਣੇ ਸਾਥੀਆਂ ਸਣੇ ਅਕਾਲੀ ਦਲ ਦਾ ਪੱਲਾ ਫੜ ਲਿਆ ਸੀ, ਜਿਸ ਨੂੰ ਸੁਖਬੀਰ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ।