ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 28 ਜੁਲਾਈ
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਖਿਆ ਕਿ ਟੋਕੀਓ ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸ ਕਰਕੇ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਪੂਰੀ ਉਮੀਦ ਹੈ ਕਿ ਭਾਰਤ ਤਗ਼ਮਾ ਹਾਸਲ ਕਰ ਲਵੇਗਾ। ਉਹ ਅੱਜ ਸੂਬੇ ਭਰ ਵਿੱਚ ਸੈਲਫ਼ੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਓਲੰਪਿਕ ਖੇਡਾਂ ਦੀ ਲਾਈਵ ਸਟ੍ਰੀਮਿੰਗ ਲਈ ਐੱਲਈਡੀ ਸਕਰੀਨ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। ਇਸ ਮਕਸਦ ਲਈ ਖੇਡ ਵਿਭਾਗ ਵੱਲੋਂ ਸੈਕਟਰ-78, ਸਪੋਰਟਸ ਕੰਪਲੈਕਸ ਵਿਖੇ ਸੈਲਫ਼ੀ ਪੁਆਇੰਟ ਸਥਾਪਤ ਕੀਤਾ ਗਿਆ ਹੈ।