ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ ਨੂੰ ਦੂਜੀ ਧੀ ਦੇ ਜਨਮ ਮਗਰੋਂ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ ਲਈ 5 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦੂਜੀ ਧੀ ਦੇ ਜਨਮ ਮੌਕੇ ਵਿੱਤੀ ਸਹਾਇਤਾ ਦੇਣ ਨਾਲ ਵਿਗੜ ਰਹੇ ਲੜਕਾ-ਲੜਕੀ ਅਨੁਪਾਤ ਨੂੰ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਿੱਤੀ ਜਾਣ ਵਾਲੀ ਛੇ ਹਜ਼ਾਰ ਰੁਪਏ ਦੀ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ।