ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੂਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਦੇ ਆਗੂਆਂ ਨੂੰ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਹਨ ਤਾਂ ਉਹ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ ਅਹੁਦਿਆਂ ’ਤੇ ਬੰਦੀ ਸਿੰਘਾਂ ਨੂੰ ਨਾਮਜ਼ਦ ਕੀਤਾ ਜਾਵੇ। ਉਹ ਅੱਜ ਇੱਥੇ ਘੱਲੂਘਾਰਾ ਦਿਹਾੜੇ ਮੌਕੇ ਅਰਦਾਸ ਸਮਾਗਮ ਵਿਚ ਸ਼ਾਮਲ ਹੋਣ ਲਈ ਪੁੱਜੇ ਸਨ। ਸ੍ਰੀ ਅਕਾਲ ਤਖ਼ਤ ਦੇ ਬਾਹਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਉਨ੍ਹਾਂ ਨੂੰ ਮਿਲਣ ਲਈ ਆਏ ਸਨ। ਉਨ੍ਹਾਂ ਇਨ੍ਹਾਂ ਆਗੂਆਂ ਨੂੰ ਕਿਹਾ ਕਿ ਜੇ ਉਹ ਇਸ ਮਾਮਲੇ ਵਿਚ ਸੁਹਿਰਦ ਹਨ ਤਾਂ ਪਹਿਲਾਂ ਆਪਣੇ ਅਹੁਦੇ ਛੱਡਣ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਸ਼ੁਰੂਆਤ ਘਰ ਤੋਂ ਕਰਨੀ ਚਾਹੀਦੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਨਾਮਜ਼ਦ ਕੀਤਾ ਜਾਵੇ, ਦਮਦਮੀ ਟਕਸਾਲ ਦਾ ਮੁਖੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਨਾਮਜ਼ਦ ਕੀਤਾ ਜਾਵੇ ਅਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਵੀ ਕਿਹਾ ਕਿ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਅਹੁਦਾ ਛੱਡੇ ਅਤੇ ਇਸ ਅਹੁਦੇ ’ਤੇ ਵੀ ਕਿਸੇ ਬੰਦੀ ਸਿੱਖ ਨੂੰ ਨਾਮਜ਼ਦ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਕਿਆਂ ਅਤੇ ਹਿੰਦੂਤਵੀਆਂ ਨੇ ਜਮਹੂਰੀਅਤ ਦਾ ਘਾਣ ਕੀਤਾ ਹੈ। ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਇਸ ਮੌਕੇ ਸਿੱਖ ਨੌਜਵਾਨਾਂ ਵੱਲੋਂ ਜਥੇਦਾਰ ਹਵਾਰਾ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ।