ਬੀ.ਐੱਸ.ਚਾਨਾ
ਸ੍ਰੀ ਆਨੰਦਪੁਰ ਸਾਹਿਬ, 14 ਅਪਰੈਲ
ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਖ਼ਾਲਸੇ ਦੇ ਪ੍ਰਗਟ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਗਤਾਂ ਨੇ ਕਰੋਨਾ ਕਾਲ ਤੋਂ ਬਾਅਦ ਲੱਖਾਂ ਦੀ ਗਿਣਤੀ ’ਚ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ 5100 ਪ੍ਰਾਣੀਆਂ ਵੱਲੋਂ ਖੰਡੇ ਬਾਟੇ ਦੀ ਪਾਹੁਲ ਛਕੀ ਗਈ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਗੁਰਬਾਣੀ ਦਾ ਨਿਰੰਤਰ ਪ੍ਰਵਾਹ ਚੱਲਿਆ ਤੇ ਪੰਥ ਦੇ ਮਹਾਨ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਜੋੜਿਆ ਗਿਆ। ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਆਮਦ ਨੂੰ ਲੈ ਕੇ ਕੀਤੇ ਪ੍ਰਬੰਧ ਨਾਕਾਫੀ ਨਜ਼ਰ ਆਏ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ ਨੇ ਦੱਸਿਆ ਕਿ ਹੁਣ ਤੱਕ ਲਗਭਗ 5 ਲੱਖ ਦੇ ਕਰੀਬ ਸ਼ਰਧਾਲੂਆਂ ਨੇ ਮੱਥਾ ਟੇਕ ਲਿਆ ਹੈ ਜਦਕਿ 5100 ਪ੍ਰਾਣੀਆਂ ਵੱਲੋਂ ਅੰਮ੍ਰਿਤ ਛਕਿਆ ਜਾ ਚੁੱਕਿਆ ਹੈ। ਅੱਜ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਉੱਥੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਡਾ. ਦਲਜੀਤ ਸਿੰਘ ਭਿੰਡਰ ਤੇ ਚਰਨਜੀਤ ਸਿੰਘ ਕਾਲੇਵਾਲ (ਸ਼੍ਰੋਮਣੀ ਕਮੇਟੀ ਮੈਂਬਰ) ਮੌਜੂਦ ਸਨ।
ਗੁਰਦੁਆਰਾ ਨਾਢਾ ਸਾਹਿਬ ਵਿੱਚ ਸਮਾਗਮ
ਪੰਚਕੂਲਾ (ਪੀ.ਪੀ. ਵਰਮਾ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਵਿੱਚ ਵਿਸਾਖੀ ਸ਼ਰਧਾ ਨਾਲ ਮਨਾਈ ਗਈ। ਅੱਜ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਟ੍ਰਾਈਸਿਟੀ ਤੋਂ ਸੰਗਤ ਗੁਰਦੁਆਰਾ ਸਾਹਿਬ ਪਹੁੰਚਣੀ ਸ਼ੁਰੂ ਹੋ ਗਈ ਸੀ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਜੀਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਬਲਜਿੰਦਰ ਸਿੰਘ ਜਟਾਣਾ ਨੇ ਦੱਸਿਆ ਕਿ ਇਸ ਮੌਕੇ 100 ਸਿੰਘਾਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ। ਇਸ ਮੌਕੇ ਰਾਗੀਆਂ-ਢਾਡੀਆਂ ਨੇ ਵਿਸਾਖੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਜੀਤ ਸਿੰਘ ਨੇ ਸੰਗਤਾਂ ਨੂੰ ਕਥਾ ਸਰਵਣ ਕਰਵਾਈ। ਸੰਗਤਾਂ ਦੀ ਭੀੜ ਨੂੰ ਵੇਖਦੇ ਹੋਏ ਗੁਰਦੁਆਰਾ ਮੈਨੇਜਮੈਂਟ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਸਨ। ਪਿੰਜੌਰ ਦੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਵੀ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇੱਥੋਂ ਦੀ ਇਤਿਹਾਸਕ ਬਾਊੜੀ ਵਿੱਚ ਲੋਕਾਂ ਨੇ ਇਸ਼ਨਾਨ ਕੀਤਾ। ਯਾਦਵਿੰਦਰਾ ਗਾਰਡਨ ਵਿੱਚ ਵਿਸਾਖੀ ਮੇਲਾ ਭਰਿਆ। ਇਸੇ ਤਰ੍ਹਾਂ ਪੰਚਕੂਲਾ ਦੇ ਸੈਕਟਰ 7 ਦੇ ਗੁਰਦੁਆਰਾ ਸਿੰਘ ਸਭਾ, ਸੈਕਟਰ 14-15 ਦੇ ਗੁਰਦੁਆਰਾ ਅਬਦੂ ਸਿੰਘ ਸ਼ਹੀਦਾਂ, ਸੈਕਟਰ-12 ਦੇ ਗੁਰਦੁਆਰਾ ਵਿੱਚ ਵੀ ਸਮਾਗਮ ਕਰਵਾਏ ਗਏ।
ਬੇੜਾ ਛੱਡਣ ਦੀ ਰਸਮ ’ਚ ਸ਼ਾਮਲ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ
ਨੰਗਲ (ਰਾਕੇਸ਼ ਸੈਣੀ): ਇੱਥੇ ਵਿਸਾਖੀ ਘਾਟ ਵਿੱਚ ਸਮੁੱਚੀ ਮਾਨਵਤਾ ਦੇ ਭਲੇ ਲਈ ਧਾਰਮਿਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ| ਇਸ ਮੌਕੇ ਹਰਜੋਤ ਬੈਂਸ ਨੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ ਅਤੇ ਬੇੜਾ ਛੱੜਣ ਦੀ ਰਸਮ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਆਪਸੀ ਭਾਈਚਾਰੇ ਦਾ ਸੁਨੇਹਾ ਦਿੱਤਾ। ਇਸ ਨਾਲ ‘ਆਪ’ ਆਗੂ ਡਾ. ਸੰਜੀਵ ਗੌਤਮ, ਡੀਐੱਸਪੀ ਸਤੀਸ਼ ਕੁਮਾਰ, ਕੇਹਰ ਸਿੰੰਘ ਮਾਂਗੇਵਾਲ, ਨਵਾਂ ਨੰਗਲ ਵਪਾਰ ਮੰਡਲ ਦੇ ਪ੍ਰਧਾਨ ਅਨੰਦ ਪੁਰੀ, ਐਡਵੋਕੇਟ ਨੀਰਜ਼ ਸ਼ਰਮਾ, ਰਾਵਨ, ਪਰਵੀਨ ਅੰਸਾਰੀ, ਅਸ਼ਰਫ ਖਾਨ ਤੇ ਅਮਨਦੀਪ ਆਦਿ ਹਾਜ਼ਰ ਸਨ|