ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਜਨਵਰੀ
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਬਿਹਾਰ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਆਵਾਜ਼ ਪ੍ਰਧਾਨ ਮੰਤਰੀ ਤਕ ਪਹੁੰਚਾਉਣ ਅਤੇ ਇਸ ਮਸਲੇ ਦੇ ਹੱਲ ਲਈ ਯਤਨ ਕਰਨ। ਬੀਬੀ ਜਗੀਰ ਕੌਰ ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਨਤਮਸਤਕ ਹੋਣ ਲਈ ਪੁੱਜੇ ਸਨ। ਗੁਰਪੁਰਬ ਸਮਾਗਮ ’ਚ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਦੇਸ਼ ਦਾ ਅੰਨਦਾਤਾ ਇਸ ਵੇਲੇ ਸੜਕਾਂ ’ਤੇ ਆਪਣੀ ਹੋਂਦ ਲਈ ਲੜਾਈ ਲੜ ਰਿਹਾ ਹੈ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਹੋਣ ਪੁੱਜੇ ਬਿਹਾਰ ਦੇ ਗਵਰਨਰ ਸ੍ਰੀ ਫਾਗੂ ਚੌਹਾਨ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਹੋ ਰਹੀ ਬੇਇਨਸਾਫੀ ਦੀ ਆਵਾਜ਼ ਪ੍ਰਧਾਨ ਮੰਤਰੀ ਤਕ ਪਹੁੰਚਾਉਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ ਕਿਹਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਕਿਸਾਨਾਂ ਦੀ ਮੰਗ ਪੂਰੀ ਕਰਕੇ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਇਕ ਵੱਡਾ ਤੋਹਫਾ ਦੇਣ।
ਇਸ ਮੌਕੇ ਬਿਹਾਰ ਦੇ ਗਵਰਨਰ ਨੇ ਸੰਬੋਧਨ ਕਰਦਿਆਂ ਸਿੱਖ ਕੌਮ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ, ਪ੍ਰਧਾਨ ਅਵਤਾਰ ਸਿੰਘ ਹਿੱਤ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੋਬਿੰਦ ਪ੍ਰਕਾਸ਼ ਨਾਂ ਦੀ ਇਕ ਪੁਸਤਕ ਵੀ ਰਿਲੀਜ਼ ਕੀਤੀ ਗਈ।