ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੁਖਾਨੰਦ ਵਿੱਚ ਦੇਰ ਸ਼ਾਮ ਦੋ ਧਿਰਾਂ ਵਿਚਾਲੇ ਰੰਜ਼ਿਸ਼ ਕਾਰਨ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਇਸ ਘਟਨਾ ਕਾਰਨ ਪਿੰਡ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਚੋਣਾਂ ਹੋਣ ਕਰ ਕੇ ਇਹ ਮਾਮਲਾ ਸਿਆਸੀ ਰੂਪ ਧਾਰਨ ਕਰਦਾ ਜਾ ਰਿਹਾ ਹੈ। ਹਾਕਮ ਧਿਰ ਦੇ ਵਿਧਾਇਕ ਦਾ ਪਿੰਡ ਹੋਣ ਕਰ ਕੇ ਵਿਰੋਧੀ ਧਿਰਾਂ ਦੇ ਆਗੂ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ’ਤੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਪਾ ਰਹੇ ਹਨ।
ਡੀ ਐੱਸ ਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮ੍ਰਿਤਕ ਦੀ ਪਛਾਣ ਸਿਕੰਦਰ ਸਿੰਘ (50) ਵਜੋਂ ਹੋਈ ਹੈ ਜਦੋਂਕਿ ਅਰਸ਼ਦੀਪ ਸਿੰਘ ਜ਼ਖ਼ਮੀ ਹੋ ਗਿਆ ਹੈ। ਅਰਸ਼ਦੀਪ ਦੇ ਬਿਆਨ ’ਤੇ 11 ਮੁਲਜ਼ਮਾਂ ਅਤੇ 11 ਦੇ ਕਰੀਬ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਦੂਜੇ ਪਿੰਡਾਂ ਤੋਂ ਆਏ ਹੁੱਲੜਬਾਜ਼ਾਂ ਵੱਲੋਂ ਪੀੜਤ ਪਰਿਵਾਰ ਦੇ ਗੇਟ ਦੀ ਭੰਨ-ਤੋੜ ਕਰਨ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਡੀ ਐੱਸ ਪੀ ਨੇ ਸਪਸ਼ਟ ਕੀਤਾ ਕਿ ਇਸ ਘਟਨਾ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ ਸਗੋਂ ਦੋ ਧਿਰਾਂ ਦੀ ਪੁਰਾਣੀ ਰੰਜ਼ਿਸ਼ ਕਾਰਨ ਝਗੜਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਮ੍ਰਿਤਕ ਦੇ ਭਰਾ ਲਛਮਣ ਸਿੰਘ ਨੇ ਦੱਸਿਆ ਕਿ ਇਸ ਝਗੜੇ ਦੌਰਾਨ ਉਸ ਦੇ ਭਰਾ ਸਿਕੰਦਰ ਸਿੰਘ ਦੀ ਮੌਤ ਹੋ ਗਈ ਜਦੋਂਕਿ ਉਸ ਦੇ ਪੁੱਤਰ ਅਰਸ਼ਦੀਪ ਸਿੰਘ ਨੂੰ ਵੀ ਸੱਟਾਂ ਲੱਗੀਆਂ ਹਨ। ਉਹ ਸਥਾਨਕ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਪਿੰਡ ਸੁਖਾਨੰਦ ਦੇ ਵਸਨੀਕ ਤੇ ਬਾਘਾਪੁਰਾਣਾ ਤੋਂ ਹਾਕਮ ਧਿਰ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਖਿਆ ਕਿ ਘਟਨਾ ਵਾਲੀ ਜਗ੍ਹਾ ਕੋਲ ਵਿਆਹ ਸਮਾਗਮ ਹੋਣ ਕਰ ਕੇ ਲੋਕਾਂ ਨੇ ਸਮਝਿਆ ਕਿ ਸਬੰਧਤ ਪਰਿਵਾਰ ਵਿਆਹ ਦੀ ਖ਼ੁਸ਼ੀ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸੂਚਨਾ ਮਿਲਣ ’ਤੇ ਉਹ ਵੀ ਘਟਨਾ ਸਥਾਨ ’ਤੇ ਪੁੱਜੇ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਘਟਨਾ ਤੋਂ ਬਾਅਦ ਕਿਸੇ ਨੇੜਲੇ ਪਿੰਡ ਤੋਂ ਆਏ 30-40 ਵਿਅਕਤੀਆਂ ਨੇ ਲੋਕਾਂ ਦੇ ਗੇਟਾਂ ਦੀ ਭੰਨ-ਤੋੜ ਕੀਤੀ।

